ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ
ਸੂਬੇ ਤੇ ਰਾਜ ਕਰਨ ਵਾਲੀਆਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਤੰਗ ਆਏ ਸੰਘਰਸ਼ਸ਼ੀਲ ਲੋਕਾਂ ਵੱਲੋਂ ਚੋਣਾਂ ਦੇ ਬਾਈਕਾਟ ਸੰਬਧੀ ‘ਚੋਣਾਂ ਦੇ ਬਾਈਕਾਟ ਦੇ ਜਮਹੂਰੀ ਹੱਕ ਬੁਲੰਦ ਕਰੋ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪਿੰਡ ਨਮੋਲ ਵਿੱਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਰਕਸ਼ਾਪ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਕਰਵਾਈ ਗਈ। ਵਰਕਸ਼ਾਪ ਦੌਰਾਨ ਮੁੱਖ ਬੁਲਾਰੇ ਵਜੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਮੁੱਖ ਬੁਲਾਰੇ ਵਜੋਂ ਪਹੁੰਚੇ। ਉਨ੍ਹਾਂ ਕਿਹਾ ਕਿ ਇੱਥੇ ਕੋਈ ਜਮਹੂਰੀਅਤ ਨਹੀਂ ਹੈ, ਇੱਥੋਂ ਦਾ ਵੋਟ ਬਟੋਰੂ ਪ੍ਰਬੰਧ ਲੋਕਾਂ ਦੇ ਗੁੱਸੇ ਨੂੰ ਖਾਰਜ ਕਰਨ ਦੇ ਲਈ ਪ੍ਰੈਸ਼ਰ ਕੁੱਕਰ ਦੀ ਸੀਟੀ ਵਾਂਗ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਬੰਧ ਬਕਾਇਦਾ ਤੌਰ ’ਤੇ ਇੱਥੋਂ ਦੇ ਜਗੀਰਦਾਰਾਂ ,ਵੱਡੇ ਵੱਡੇ ਕਾਰਪੋਰੇਟ ਘਰਾਣਿਆਂ, ਸਾਮਰਾਜੀ ਦਿਓ ਕੱਦ ਕੰਪਨੀਆਂ ਦੇ ਪੱਖ ਵਿੱਚ ਭੁਗਤਦਾ ਹੈ। ਵਿਸ਼ਵੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਇਸੇ ਕੜੀ ਦਾ ਅਹਿਮ ਹਿੱਸਾ ਹਨ। ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਬਿਮਲ ਕੌਰ, ਜ਼ਿਲ੍ਹਾ ਆਗੂ ਕਰਮਜੀਤ ਕੌਰ, ਇਲਾਕਾ ਆਗੂ ਚਰਨਜੀਤ ਕੌਰ, ਭਰਾਤਰੀ ਜਥੇਬੰਦੀ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ(ਪੰਜਾਬ) ਆਦਿ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਦਾ ਬੇਗ਼ਮਪੁਰਾ ਦਾ ਸੁਪਨਾ ਉਦੋਂ ਤੱਕ ਪੂਰਾ ਨਹੀਂ ਹੋਵੇਗਾ, ਜਦੋਂ ਤੱਕ ਪੈਦਾਵਾਰੀ ਸਾਧਨਾਂ ਦੀ ਕਾਣੀ ਵੰਡ , ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਨਹੀਂ ਕੀਤਾ ਜਾਂਦਾ ਅਤੇ ਜਾਤ ਪਾਤ ਦਾ ਕੋਹੜ ਨਹੀਂ ਵੱਢਿਆ ਜਾਂਦਾ। ਇਸ ਵਰਕਸ਼ਾਪ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ਨੂੰ ਲੋਕ ਵਿਰੋਧੀ ਕਰਾਰ ਦਿੱਤਾ ਗਿਆ।