ਸਤਨਾਮ ਸਿੰਘ
ਮਸਤੂਆਣਾ ਸਾਹਿਬ, 12 ਅਕਤੂਬਰ
ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਇਆ ਗਿਆ ਖੇਤਰੀ ਯੁਵਕ ਮੇਲਾ ਅੱਜ ਸਮਾਪਤ ਹੋ ਗਿਆ। ਇਸ ਖੇਤਰੀ ਯੁਵਕ ਮੇਲੇ ਦੌਰਾਨ ਤਿੰਨੋਂ ਦਿਨ ਹੋਏ ਵੱਖ ਵੱਖ ਮੁਕਾਬਲਿਆਂ ਦੌਰਾਨ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਸਭ ਤੋਂ ਵੱਧ ਆਈਟਮਾਂ ਵਿੱਚ ਜਿੱਤ ਕੇ ਓਵਰਆਲ ਟਰਾਫ਼ੀ ’ਤੇ ਕਬਜ਼ਾ ਕੀਤਾ। ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਦੂਸਰਾ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਤੀਜੇ ਸਥਾਨ ’ਤੇ ਰਿਹਾ। ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੇਲੇ ਵਿੱਚ ਹਿੱਸਾ ਲੈ ਰਹੇ ਵਿਦਿਆਰਥੀਆਂ ਨੂੰ ਆਸ਼ਿਰਵਾਦ ਦਿੰਦਿਆਂ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਹਨਾਂ ਮੇਲਿਆਂ ਵਿੱਚ ਵਧ-ਚੜ੍ਹਕੇ ਹਿੱਸਾ ਲੈਣਾ ਚਾਹੀਦਾ ਹੈ।ਮੇਲੇ ਦੇ ਵਿਸ਼ੇਸ਼ ਮਹਿਮਾਨ ਸਰਤਾਜ ਸਿੰਘ ਚਾਹਲ ਐੱਸਐੱਸਪੀ ਸੰਗਰੂਰ ਵੱਲੋਂ ਮੇਲਿਆਂ ਦੇ ਮਹੱਤਵ ਦੇ ਨਾਲ਼ ਨਾਲ਼ ਸਾਈਬਰ ਕਰਾਇਮ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਸਮੂਹ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ। ਜਦੋਂ ਕਿ ਪ੍ਰਿੰਸੀਪਲ ਡਾ. ਅਮਨਦੀਪ ਕੌਰ ਵੱਲੋਂ ਆਪਣੀ ਸਮੁੱਚੀ ਟੀਮ ਨਾਲ ਆਏ ਮਹਿਮਾਨਾਂ ਨੂੰ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।