ਨਵੀਂ ਦਿੱਲੀ: ਭਾਰਤ ਨੇ ਅੱਜ ਇੱਥੇ ਤੀਜੇ ਅਤੇ ਫੈਸਲਾਕੁਨ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ ਮਹਿਜ਼ 99 ਦੌੜਾਂ ਹੀ ਬਣਾ ਸਕੀ। ਭਾਰਤ ਨੇ ਇਹ ਟੀਚਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਦੀ 49 ਦੌੜਾਂ ਦੀ ਪਾਰੀ ਦੀ ਬਦੌਲਤ 19.1 ਓਵਰ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ ਨਾਲ 105 ਦੌੜਾਂ ਬਣਾ ਕੇ ਆਸਾਨੀ ਨਾਲ ਪੂਰਾ ਕਰ ਲਿਆ। ਸ਼੍ਰੇਅਸ ਅਈਅਰ ਨੇ ਨਾਬਾਦ 28 ਦੌੜਾਂ ਬਣਾਈਆਂ। ਭਾਰਤ ਦੀ ਇਸ ਵਰ੍ਹੇ ਇਹ 38ਵੀਂ ਕੌਮਾਂਤਰੀ ਜਿੱਤ ਹੈ। ਇਸ ਤੋਂ ਪਹਿਲਾਂ ਗੇਂਦਬਾਜ਼ੀ ਦੌਰਾਨ ਭਾਰਤ ਵੱਲੋਂ ਸਪਿੰਨਰ ਕੁਲਦੀਪ ਯਾਦਵ ਨੇ ਚਾਰ ਅਤੇ ਵਾਸ਼ਿੰਗਟਨ ਸੁੰਦਰ, ਮੁਹੰਮਦ ਸਿਰਾਜ ਤੇ ਸ਼ਾਹਬਾਜ਼ ਅਹਿਮਦ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। -ਪੀਟੀਆਈ