ਲਾਹੌਰ, 11 ਜੂਨ
ਪਾਕਿਸਤਾਨ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਕਾਮਰਾਨ ਅਕਮਲ ਨੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਕੀਤੀ ਗਈ ਵਿਵਾਦਤ ਟਿੱਪਣੀ ਲਈ ਮੁਆਫੀ ਮੰਗੀ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਟੀ-20 ਵਿਸ਼ਵ ਕੱਪ ਮੈਚ ਦਾ ਵਿਸ਼ਲੇਸ਼ਣ ਕਰਦਿਆਂ ਕਾਮਰਾਨ ਨੇ ਅਰਸ਼ਦੀਪ ਦੇ ਸਿੱਖ ਧਰਮ ਦਾ ਮਜ਼ਾਕ ਉਡਾਇਆ ਸੀ ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਇਸ ’ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਹਰਭਜਨ ਨੂੰ ਟੈਗ ਕਰਦਿਆਂ ਕਾਮਰਾਨ ਨੇ ਐਕਸ ’ਤੇ ਲਿਖਿਆ, ‘‘ਮੈਨੂੰ ਆਪਣੀਆਂ ਹਾਲੀਆ ਟਿੱਪਣੀਆਂ ’ਤੇ ਬਹੁਤ ਅਫਸੋਸ ਹੈ ਅਤੇ ਮੈਂ ਹਰਭਜਨ ਸਿੰਘ ਤੇ ਸਿੱਖ ਭਾਈਚਾਰੇ ਤੋਂ ਦਿਲੋਂ ਮੁਆਫੀ ਮੰਗਦਾ ਹਾਂ। ਮੇਰੇ ਸ਼ਬਦ ਅਪਮਾਨਜਨਕ ਸਨ। ਮੈਂ ਦੁਨੀਆ ਭਰ ਦੇ ਸਿੱਖਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਮੇਰਾ ਕਦੇ ਵੀ ਕਿਸੇ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਮੈਨੂੰ ਸੱਚਮੁੱਚ ਅਫ਼ਸੋਸ ਹੈ।’’ ਇਸ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਕਾਮਰਾਨ ਅਕਮਲ ਦੇ ਬਿਆਨ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ ਅਤੇ ਕਿਹਾ ਸੀ ਕਿ ਅਕਮਲ ਨੂੰ ਕੁੱਝ ਬੋਲਣ ਤੋਂ ਪਹਿਲਾਂ ਸਿੱਖਾਂ ਦਾ ਇਤਿਹਾਸ ਪੜ੍ਹਨਾ ਚਾਹੀਦਾ ਹੈ। -ਪੀਟੀਆਈ