ਗਗਨਦੀਪ ਅਰੋੜਾ
ਲੁਧਿਆਣਾ, 8 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਂਦਿਆਂ ਕਿਹਾ ਕਿ ਸਰਕਾਰੀ ਖਜ਼ਾਨਾ ਖਾਲੀ ਨਹੀਂ ਹੈ। ਇਹ ਖਜ਼ਾਨਾ ਲੋਕਾਂ ਦਾ ਹੈ ਅਤੇ ਲੋਕਾਂ ਲਈ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਪੰਚ ਨੂੰ ਪੰਜ ਸਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ। ਸਰਕਾਰ ਪਿੰਡਾਂ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਏਗੀ ਤੇ ਕਿਸੇ ਨੂੰ ਵੀ ਨਿਰਾਸ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇੱਕੋ ਸਮੇਂ ਐਨੇ ਸਰਪੰਚਾਂ ਨੂੰ ਸਹੁੰ ਚੁਕਾਈ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਅਤੇ ਦਸ਼ਾ ਬਦਲ ਦਿੱਤੀ ਹੈ। ਦਿੱਲੀ ਦੇ ਰਾਮਲੀਲਾ ਮੈਦਾਨ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਰੈਲੀ ਤੋਂ ਬਾਅਦ ਹੀ ਆਮ ਲੋਕਾਂ ਦੀ ਸਰਕਾਰ ਬਣਨ ਦੀ ਸ਼ੁਰੂਆਤ ਹੋਈ। ਉਨ੍ਹਾਂ ਕਿਹਾ ਕਿ ਅੱਜ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇੱਥੇ ਸਾਰੀਆਂ ਪਾਰਟੀਆਂ ਨਾਲ ਸਬੰਧਤ ਸਰਪੰਚ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਪਿੰਡ ਦੇ ਵਿਕਾਸ ਕਾਰਜਾਂ ਦੇ ਪ੍ਰਸਤਾਵ ਪੇਸ਼ ਕਰੇ ਅਤੇ ਉਸ ਤੋਂ ਬਾਅਦ ਸਰਕਾਰ ਵੱਲੋਂ ਕੰਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜਿਕ ਲਹਿਰ ਪੈਦਾ ਕਰਨੀ ਪਵੇਗੀ ਤੇ ਸਾਰਿਆਂ ਨੂੰ ਇਕੱਠੇ ਹੋ ਕੇ ਪਿੰਡਾਂ ਨੂੰ ਨਸ਼ਾ ਮੁਕਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 45 ਹਜ਼ਾਰ ਨੌਕਰੀਆਂ ਦਿੱਤੀਆਂ ਹਨ ਤੇ ਭਵਿੱਖ ਵਿੱਚ ਵੀ ਨੌਕਰੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ।
ਚਾਰ ਜ਼ਿਲ੍ਹਿਆਂ ਦੇ ਸਰਪੰਚ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਚੁੱਕਣਗੇ ਸਹੁੰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ। ਬਾਕੀ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਅਤੇ ਸਾਰੇ 23 ਜ਼ਿਲ੍ਹਿਆਂ ਦੇ ਨਵੇਂ ਚੁਣੇ 81,808 ਪੰਚਾਂ ਦਾ ਸਹੁੰ ਚੁੱਕ ਸਮਾਗਮ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਤੋਂ ਬਾਅਦ ਹੋਵੇਗਾ।