ਨਵੀਂ ਦਿੱਲੀ, 24 ਜੂਨ
ਭਾਜਪਾ, ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਮਨੀਪੁਰ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਢਾ, ਮਨੀਪੁਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਓਕਰਾਮ ਇਬੋਬੀ ਸਿੰਘ (ਕਾਂਗਰਸ), ਤ੍ਰਿਣਮੂਲ ਕਾਂਗਰਸ ਦੇ ਨੇਤਾ ਡੈਰੇਕ ਓ ਬ੍ਰਾਇਨ, ਮੇਘਾਲਿਆ ਦੇ ਮੁੱਖ ਮੰਤਰੀ ਅਤੇ ਨੈਸ਼ਨਲ ਪੀਪਲਜ਼ ਪਾਰਟੀ (ਐੱਨਪੀਪੀ) ਦੇ ਆਗੂ ਕੋਨਰਾਡ ਸੰਗਮਾ, ਸ਼ਿਵ ਸੈਨਾ (ਯੂਬੀਟੀ) ਦੀ ਆਗੂ ਪ੍ਰਿਯੰਕਾ ਚਤੁਰਵੇਦੀ, ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (ਏਆਈਡੀਐੱਮਕੇ) ਦੇ ਆਗੂ ਐੱਮ. ਥੰਬੀ ਦੁਰਈ, ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਦੇ ਆਗੂ ਤਿਰੁਚੀ ਸਿਵਾ, ਬੀਜੂ ਜਨਤਾ ਦਲ (ਬੀਜੇਡੀ) ਦੇ ਨੇਤਾ ਪਿਨਾਕੀ ਮਿਸ਼ਰਾ, ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਮਨੋਜ ਝਾਅ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਨਿਤਿਆਨੰਦ ਰਾਏ ਅਤੇ ਅਜੈ ਕੁਮਾਰ ਮਿਸ਼ਰਾ, ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਅਤੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਮੌਜੂਦ ਸਨ।ਮਨੀਪੁਰ ਵਿੱਚ 3 ਮਈ ਤੋਂ ਅੱਗਜ਼ਨੀ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਰਾਜ ਸਰਕਾਰ ਨੇ ਸ਼ਾਂਤੀ ਨੂੰ ਹੋਰ ਵਿਗਾੜਨ ਤੋਂ ਰੋਕਣ ਲਈ ਇੰਟਰਨੈੱਟ ‘ਤੇ ਪਾਬੰਦੀ ਨੂੰ 25 ਜੂਨ ਤੱਕ ਪੰਜ ਹੋਰ ਦਿਨ ਵਧਾ ਦਿੱਤਾ ਹੈ। ਹੁਣ ਤੱਕ 120 ਮੌਤਾਂ ਹੋ ਚੁੱਕੀਆਂ ਹਨ ਤੇ 3000 ਤੋਂ ਵੱਧ ਲੋਕ ਜ਼ਖ਼ਮੀ ਹਨ।