ਨਵੀਂ ਦਿੱਲੀ, 24 ਮਾਰਚ
ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ 6 ਦਿਨਾ ਰਿਮਾਂਡ ਤਹਿਤ ਈਡੀ ਦੀ ਹਿਰਾਸਤ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਘੀ ਏਜੰਸੀ ਦੀ ਹਿਰਾਸਤ ਵਿਚੋਂ ਆਪਣਾ ਪਹਿਲਾ ਸਰਕਾਰੀ ਹੁਕਮ ਜਾਰੀ ਕਰਦਿਆਂ ਜਲ ਮੰਤਰੀ ਆਤਿਸ਼ੀ ਨੂੰ ਦਿੱੱਲੀ ਦੇ ਕੁਝ ਇਲਾਕਿਆਂ ਵਿਚ ਪਾਣੀ ਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਸੁਲਝਾਉਣ ਲਈ ਕਿਹਾ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਨਿੱਚਰਵਾਰ ਰਾਤ ਨੂੰ ਮਿਲੀਆਂ ਹਦਾਇਤਾਂ ਨਾਲ ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਆ ਗਏ ਕਿ ਆਪਣੀਆਂ ਦੁੱਖ ਤਕਲੀਫਾਂ ਦੇ ਬਾਵਜੂਦ ਕੇਜਰੀਵਾਲ ਅਜੇ ਵੀ ਲੋਕਾਂ ਲਈ ਫ਼ਿਕਰਮੰਦ ਹਨ। ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਉਪਰੋਕਤ ਕੇਸ ਵਿਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਵਿਸ਼ੇਸ਼ ਪੀਐੱਮਐੱਲਏ ਕੋਰਟ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਕੇਂਦਰੀ ਏਜੰਸੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ‘ਆਪ’ ਨੇ ਕਿਹਾ ਸੀ ਕਿ ਮੁੱਖ ਮੰਤਰੀ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ। ਚੇਤੇ ਰਹੇ ਕਿ ਕੇਜਰੀਵਾਲ ਪਹਿਲੇ ਸੀਟਿੰਗ ਮੁੱਖ ਮੰਤਰੀ ਹਨ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ