ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ ਸਬੰਧੀ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ ਵਟਾਂਦਰਾ ਕੀਤਾ। ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਭਲਕੇ ਸੱਦਿਆ ਗਿਆ ਹੈ ਅਤੇ ਇਸ ਇਜਲਾਸ ਤੋਂ ਪਹਿਲਾਂ ਹੋਈ ਇਸ ਸਾਂਝੀ ਬੈਠਕ ਨੂੰ ਸਿਆਸੀ ਤੌਰ ‘ਤੇ ਅਹਿਮ ਸਮਝਿਆ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੀਰਾ ਸਿੰਘ ਗਾਬੜੀਆ ਵੀ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਇਸ ਮੌਕੇ ਉਚੇਚੇ ਤੌਰ ‘ਤੇ ਹਾਜ਼ਰ ਸਨ। ਬੇਸ਼ੱਕ ਇਸ ਬਾਰੇ ਕੋਈ ਰਸਮੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਕਿਆਸ ਹਨ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਭਲਕੇ ਹੋਣ ਵਾਲੇ ਜਨਰਲ ਇਜਲਾਸ ਦੇ ਏਜੰਡੇ ‘ਤੇ ਵਿਚਾਰ-ਚਰਚਾ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਭਲਕੇ ਜਨਰਲ ਇਜਲਾਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਨ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ ਸਬੰਧੀ ਅਹਿਮ ਐਲਾਨ ਕੀਤੇ ਜਾਣਗੇ। ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਅੱਜ ਕੁੱਝ ਨਹੀਂ ਕਹਿਣਗੇ ਤੇ ਭਲਕੇ ਆਪਣੀ ਗੱਲ ਸਾਹਮਣੇ ਰੱਖਣਗੇ।
ਪਤਾ ਲੱਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਮੀਟਿੰਗ ਤੋਂ ਚਲੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੱਖਰੇ ਤੌਰ ‘ਤੇ ਵੀ ਵਿਚਾਰ-ਚਰਚਾ ਕੀਤੀ ਹੈ। ਚਰਚੇ ਹਨ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਪ੍ਰਸਾਰਨ ਲਈ ਭਲਕੇ ਜਨਰਲ ਇਜਲਾਸ ਵਿੱਚ ਅਜਿਹਾ ਫ਼ੈਸਲਾ ਲੈ ਸਕਦੀ ਹੈ, ਜਿਸ ਨਾਲ ਕਿਸੇ ਵਿਅਕਤੀ ਜਾਂ ਕਿਸੇ ਖ਼ਾਸ ਚੈਨਲ ਦਾ ਏਕਾਧਿਕਾਰ ਖ਼ਤਮ ਹੋ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਹਰ ਹੋਣ ਕਾਰਨ ਅੱਜ ਦੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਹਨ।
ਮੁੱਖ ਮੰਤਰੀ ਨੇ ਟਵੀਟ ਕਰ ਕੇ ਸੇਧਿਆ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਮੀਟਿੰਗ ਬਾਰੇ ਟਵੀਟ ਕਰ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਹੈ ਕਿ ਬਾਦਲ ਪਰਿਵਾਰ ਵੱਲੋਂ ਲਿਖਿਆ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੱਜ ਮੀਟਿੰਗ ਦੌਰਾਨ ਲੈਣਗੇ ਅਤੇ ਭਲਕੇ ਇਸ ਫ਼ੈਸਲੇ ਨੂੰ ਸਿਰਫ਼ ਪੜ੍ਹ ਕੇ ਸੁਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭਲਕੇ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ। ਮੁੱਖ ਮੰਤਰੀ ਦੇ ਟਵੀਟ ਦੇ ਪ੍ਰਤੀਕਰਮ ਵਿੱਚ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗ਼ੈਰ-ਰਸਮੀ ਤੌਰ ‘ਤੇ ਅੱਜ ਇੱਥੇ ਆਏ ਸਨ, ਪਰ ਪਤਾ ਨਹੀਂ ਕਿਉਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘਬਰਾਹਟ ਹੋ ਰਹੀ ਹੈ।