ਚੰਡੀਗੜ੍ਹ, 16 ਜੁਲਾਈ
ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿੱਚ ਹਾਲ ਹੀ ਵਿੱਚ ਹੋਈ ਜ਼ੋਰਦਾਰ ਬਾਰਿਸ਼ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਘੱਟੋ ਘੱਟ 62 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਹੜ੍ਹ ਦਾ ਪਾਣੀ ਘੱਟ ਹੋਣ ਦੇ ਨਾਲ ਹੀ ਅਧਿਕਾਰੀਆਂ ਨੇ ਬਿਜਲੀ ਤੇ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਸਮੇਤ ਕਈ ਥਾਵਾਂ ’ਤੇ ਰਾਹਤ ਕਾਰਜ ਹਾਲੇ ਵੀ ਜਾਰੀ ਹਨ। ਘੱਗਰ ਨਹਿਰ ਦੇ ਬੰਨ੍ਹਾਂ ਵਿੱਚ ਪਏ ਪਾੜਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਐਤਵਾਰ ਤੱਕ ਰੱਖਣ ਦਾ ਆਦੇਸ਼ ਦਿੱਤਾ ਗਿਆ ਸੀ, ਉਹ 17 ਜੁਲਾਈ ਤੱਕ ਖੁੱਲ੍ਹ ਜਾਣਗੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਸਕੂਲ ਵਿੱਚ ਪਾਣੀ ਭਰ ਜਾਣ ਜਾਂ ਨੁਕਸਾਨ ਹੋਣ ਦੀ ਸੂਰਤ ਵਿੱਚ ਆਪਣੇ ਪੱਧਰ ’ਤੇ ਫ਼ੈਸਲਾ ਲੈਣ ਲਈ ਕਿਹਾ। ਅਧਿਕਾਰਿਤ ਅੰਕੜਿਆਂ ਮੁਤਾਬਕ ਮੀਂਹ ਨਾਲ ਜੁੜੀਆਂ ਘਟਨਾਵਾਂ ਕਾਰਨ ਪੰਜਾਬ ਵਿੱਚ 32 ਅਤੇ ਗੁਆਂਢੀ ਸੂਬੇ ਹਰਿਆਣਾ ਵਿੱਚ 30 ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੁਣ ਤੱਕ 26,000 ਤੋਂ ਵੱਧ, ਜਦੋਂਕਿ ਹਰਿਆਣਾ ਵਿੱਚ 5,900 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। –ਪੀਟੀਆਈ