ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਫਰਵਰੀ
ਰੋਸ ਪ੍ਰਦਰਸ਼ਨ ਅਤੇ ਧਰਨੇ ਵਾਲੀਆਂ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦਾ ਮਾਮਲਾ ਵਿਚਾਰਨ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ‘ਤੇ ਆਧਾਰਿਤ ਸਬ-ਕਮੇਟੀ ਬਣਾਈ ਗਈ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਕਾਰਵਾਈ ਉਸ ਵੇਲੇ ਕੀਤੀ ਗਈ ਹੈ, ਜਦੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਅਜਨਾਲਾ ‘ਚ ਥਾਣੇ ਦੇ ਘਿਰਾਓ ਕਰਨ ਸਮੇਂ ਪਾਵਨ ਸਰੂਪ ਦੀ ਢਾਲ ਵਜੋਂ ਵਰਤੋਂ ਕੀਤੀ ਗਈ ਹੈ ਅਤੇ ਇਸ ਘਟਨਾ ਦੀ ਨਿੰਦਾ ਹੋ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸ੍ਰੀ ਅਕਾਲ ਤਖਤ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਵੀ ਕਹਿਣ ਤੋਂ ਸੰਕੋਚ ਕੀਤਾ ਜਾ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਜਥੇਦਾਰ ਨੇ ਆਖਿਆ ਕਿ ਰੋਸ ਪ੍ਰਦਰਸ਼ਨਾਂ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ ‘ਤੇ, ਜਿੱਥੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪੁੱਜਣ ਦਾ ਖ਼ਦਸ਼ਾ ਹੋਵੇ, ਅਜਿਹੇ ਸਥਾਨਾਂ ‘ਤੇ ਪਾਵਨ ਸਰੂਪ ਲੈ ਕੇ ਜਾਣਾ ਅਤੇ ਪ੍ਰਕਾਸ਼ ਕਰਨ ਦਾ ਗੰਭੀਰ ਮਾਮਲਾ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਫੈਸਲਾ ਲਿਆ ਜਾਵੇਗਾ। ਲੇਕਿਨ ਇਸ ਤੋਂ ਪਹਿਲਾਂ ਉਨ੍ਹਾਂ ਇਸ ਮਾਮਲੇ ਨੂੰ ਵਿਚਾਰਨ ਲਈ ਸਮੂਹ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਦੇ ਆਧਾਰ ‘ਤੇ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਸਬ ਕਮੇਟੀ ਨੂੰ 15 ਦਿਨਾਂ ਵਿੱਚ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਵਿਖੇ ਭੇਜਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਦਵਾਨਾਂ ਦੀ ਇਸ ਰਿਪੋਰਟ ‘ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਵਿਚਾਰ ਕੀਤਾ ਜਾਵੇਗਾ ਅਤੇ ਇਸ ਸਬੰਧੀ ਅੰਤਿਮ ਫੈਸਲਾ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਤੇ ਹੋਰ ਕਾਰਕੁਨਾਂ ਵੱਲੋਂ ਬੀਤੇ ਦਿਨ ਅਜਨਾਲਾ ਥਾਣੇ ਦਾ ਘਿਰਾਓ ਕਰਨ ਸਮੇਂ ਪਾਵਨ ਸਰੂਪ ਵਾਲੇ ਵਾਹਨ ਨੂੰ ਨਾਲ ਲਿਜਾਇਆ ਗਿਆ ਸੀ। ਪਾਲਕੀ ਵਾਲੇ ਵਾਹਨ ਨੂੰ ਥਾਣੇ ਦੇ ਅੰਦਰ ਤੱਕ ਲਿਜਾਇਆ ਗਿਆ। ਇਸ ਘਟਨਾ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਤੇ ਪੁਲੀਸ ਵਿਚਾਲੇ ਹਿੰਸਕ ਝੜਪ ਵੀ ਹੋਈ ਸੀ। ਸਿੱਖ ਜਥੇਬੰਦੀਆਂ ਵੱਲੋਂ ਇਹ ਕਾਰਵਾਈ ਆਪਣੇ ਇਕ ਸਾਥੀ ਨੂੰ ਪੁਲੀਸ ਤੋਂ ਰਿਹਾਅ ਕਰਵਾਉਣ ਅਤੇ ਦਰਜ ਕੀਤੇ ਕੇਸ ਨੂੰ ਰੱਦ ਕਰਵਾਉਣ ਦੀ ਮੰਗ ਲਈ ਕੀਤੀ ਗਈ ਸੀ।
ਭਾਜਪਾ ਆਗੂ ਛੀਨਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਨਿੰਦਾ
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਗੂ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਪਾਵਨ ਸਰੂਪ ਨੂੰ ਥਾਣੇ ਵਿੱਚ ਲੈ ਕੇ ਜਾਣ ਦੀ ਘਟਨਾ ਵਾਸਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਹਰਕਤ ਕਰਨ ਵਾਲਾ ਪੰਜਾਬ ਦਾ ਵਾਰਿਸ ਨਹੀਂ ਹੋ ਸਕਦਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਵੀ ਗ਼ਰਮ ਖ਼ਿਆਲੀਆਂ ਅੱਗੇ ਗੋਡੇ ਟੇਕਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਖਤ ਨਿਖੇਧੀ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਘਟਨਾ ਦੀ ਨਿੰਦਾ ਕਰ ਚੁੱਕੇ ਹਨ।