ਦਵਿੰਦਰ ਸਿੰਘ ਭੰਗੂ
ਰਈਆ, 5 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡੇਰਾ ਰਾਧਾ ਸੁਆਮੀ ਬਿਆਸ ਪੁੱਜ ਕੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕਰੀਬ 30 ਮਿੰਟ ਬੰਦ ਕਮਰਾ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਆਦਮਪੁਰ ਤੋਂ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਅੰਦਰ ਪ੍ਰਾਈਵੇਟ ਏਅਰ ਬੇਸ ‘ਤੇ ਪੁੱਜੇ, ਜਿਥੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਬੰਦ ਕਮਰਾ ਮੀਟਿੰਗ ਪ੍ਰਧਾਨ ਮੰਤਰੀ ਨੇ ਡੇਰੇ ਵਿਚ ਲੰਗਰ ਹਾਲ ਦਾ ਦੌਰਾ ਕੀਤਾ, ਜਿੱਥੇ ਸੰਗਤਾਂ ਨਾਲ ਸਿੱਧਾ ਰਾਬਤਾ ਕੀਤਾ। ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਪ੍ਰਾਪਤ ਨਹੀਂ ਹੋਏ ਪਰ ਇਸ ਮੀਟਿੰਗ ਨੂੰ ਹਿਮਾਚਲ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਬੰਦ ਕਮਰਾ ਗੱਲਬਾਤ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਅਦ ਦੁਪਹਿਰ 12:05 ‘ਤੇ ਡੇਰਾ ਬਿਆਸ ਦੇ ਏਅਰ ਬੇਸ ਤੋ ਰਵਾਨਾ ਹੋ ਗਏ। ਇਸ ਮੌਕੇ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ, ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾਂ ਮੀਆਂਵਿੰਡ ਸਨ।