ਆਤਿਸ਼ ਗੁਪਤਾ
ਚੰਡੀਗੜ੍ਹ, 4 ਨਵੰਬਰ
ਮੁੱਖ ਅੰਸ਼
- ਉਪ ਰਾਸ਼ਟਰਪਤੀ ਵੱਲੋਂ ਚੰਡੀਗੜ੍ਹ ਵਿੱਚ ’15ਵੇਂ ਸੀਆਈਆਈ ਐਗਰੋ ਟੈੱਕ ਇੰਡੀਆ-2022′ ਦਾ ਉਦਘਾਟਨ
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਕਿਸਾਨ ਚੜ੍ਹਦੇ ਭਾਰਤ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦੀ ਟਿਕਾਊ ਆਮਦਨ ਪੈਦਾ ਕਰਨ ਦਾ ਟੀਚਾ ਮਿੱਥਣਾ ਚਾਹੀਦਾ ਹੈ। ਇਹ ਗ਼ਰੀਬੀ ਨੂੰ ਘਟਾਏਗਾ ਅਤੇ ਅੰਨਦਾਤਾ ਦੀ ਖੁਸ਼ਹਾਲੀ ਨੂੰ ਵਧਾਏਗਾ। ਉਪ ਰਾਸ਼ਟਰਪਤੀ ਬਣਨ ਮਗਰੋਂ ਜਗਦੀਪ ਧਨਖੜ ਪਹਿਲੀ ਵਾਰ ਚੰਡੀਗੜ੍ਹ ਦੌਰੇ ‘ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਇੱਥੇ ’15ਵੇਂ ਸੀਆਈਆਈ ਐਗਰੋ ਟੈੱਕ ਇੰਡੀਆ-2022’ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਉਪ ਰਾਸ਼ਟਰਪਤੀ ਦੀ ਪਤਨੀ ਡਾ. ਸੁਦੇਸ਼ ਧਨਖੜ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਉਦਘਾਟਨ ਮੌਕੇ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਸ੍ਰੀ ਧਨਖੜ ਨੇ ਕਿਹਾ ਕਿ ਇਸ ਸਮੇਂ ਵਿੱਚ ਸਾਨੂੰ ਭੋਜਨ ਉਤਪਾਦਨ ‘ਤੇ ਹੀ ਨਹੀਂ, ਸਗੋਂ ਫੂਡ ਪ੍ਰੋਸੈਸਿੰਗ ਅਤੇ ਗੁਣਵੱਤਾ ‘ਤੇ ਵੀ ਧਿਆਨ ਦੇਣ ਦੀ ਲੋੜ ਹੈ। ਇਹ ਵੀ 21ਵੀਂ ਸਦੀ ਵਿੱਚ ਭਾਰਤੀ ਖੇਤੀ ਨੂੰ ਬਦਲਣ ਵਿੱਚ ਇੱਕ ਲੰਬਾ ਸਫ਼ਰ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਰਅੰਦੇਸ਼ ਨੀਤੀ ਘਾੜਿਆਂ, ਸੂਝਵਾਨ ਵਿਗਿਆਨਕ ਦਿਮਾਗ਼ਾਂ ਅਤੇ ਅੰਨਦਾਤਿਆਂ ਦੇ ਯੋਗਦਾਨ ਨਾਲ ਭਾਰਤ ਬਾਜਰੇ, ਦਾਲਾਂ, ਦੁੱਧ ਅਤੇ ਜੂਟ, ਚੌਲ, ਕਣਕ, ਗੰਨਾ, ਸਬਜ਼ੀਆਂ, ਫਲਾਂ ਅਤੇ ਕਪਾਹ ਦੀ ਪੈਦਾਵਾਰ ਵਿੱਚ ਵਿਸ਼ਵ ਦਾ ਦੂਜਾ ਸਭ ਤੋਂ ਵੱਡਾ ਉਤਪਾਦਕ ਬਣਦਾ ਜਾ ਰਿਹਾ ਹੈ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੇ ਨਾਲ ਉਨ੍ਹਾਂ ਨੇ ‘ਜੈ ਜਵਾਨ, ਜੈ ਕਿਸਾਨ ਅਤੇ ਜੈ ਵਿਗਿਆਨ’ ਦੇ ਨਾਅਰੇ ਨੂੰ ਬੁਲੰਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 100ਵੀਂ ਵਰ੍ਹੇਗੰਢ ਮੌਕੇ ਸਾਲ 2047 ਵਿੱਚ ਭਾਰਤ ਖੇਤੀਬਾੜੀ ਦੇ ਨਾਲ ਨਾਲ ਉਦਯੋਗ ਅਤੇ ਹੋਰ ਖੇਤਰਾਂ ਵਿੱਚ ਦੁਨੀਆ ਦੇ ਮੋਹਰੀ ਦੇਸ਼ਾਂ ਵਿੱਚ ਸ਼ਾਮਲ ਹੋਵੇਗਾ।
ਸ੍ਰੀ ਧਨਖੜ ਨੇ ਕਿਹਾ ਕਿ ਕਿਸੇ ਸਮੇਂ ਅਨਾਜ ਬਾਹਰੋਂ ਮੰਗਵਾਇਆ ਜਾਂਦਾ ਸੀ, ਪਰ ਅੱਜ ਭਾਰਤ ਵੱਖ-ਵੱਖ ਫ਼ਸਲਾਂ ਦੀ ਪੈਦਾਵਾਰ ਵਿੱਚ ਸਭ ਤੋਂ ਅੱਗੇ ਹੈ। ਹੁਣ ਉਹ ਵਿਦੇਸ਼ਾਂ ਵਿੱਚ ਅਨਾਜ ਭੇਜ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਨੇ ਦੇਸ਼ ਨੂੰ ਵੱਡੀ ਢਾਹ ਲਾਈ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ 80 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵੀ ਕੰਮ ਕਰ ਰਹੀ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਮਿਹਨਤੀ ਹਨ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਹਰੀ ਕ੍ਰਾਂਤੀ ਰਾਹੀਂ ਦੇਸ਼ ਵਿੱਚ ਖੇਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਰਾਜਪਾਲ ਸ੍ਰੀ ਦੱਤਾਤ੍ਰੇਅ ਨੇ ਕਿਹਾ ਕਿ ਹਰਿਆਣਾ ਖੇਤੀਬਾੜੀ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਹਰਿਆਣਾ ਖੇਤੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ 14 ਫ਼ਸਲਾਂ ‘ਤੇ ਐੱਮਐੱਸਪੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੀ ਕਿਸਾਨਾਂ ਦੇ ਹਿੱਤ ਵਿੱਚ ਨਵੀਂ ਨੀਤੀਆਂ ‘ਤੇ ਕੰਮ ਕੀਤਾ ਜਾ ਰਿਹਾ ਹੈ।