ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਅਗਸਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵਿਚਾਰਿਆ ਗਿਆ ਹੈ ਅਤੇ ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਵਾਸਤੇ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਪਟੀਸ਼ਨ ਵਾਪਸ ਲੈਣ ਸਬੰਧੀ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਆਪੋ ਆਪਣੀ ਰਾਏ ਸ੍ਰੀ ਅਕਾਲ ਤਖ਼ਤ ਵਿਖੇ ਭੇਜਣ ਲਈ ਆਖਿਆ ਗਿਆ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ ਰਾਸ਼ਟਰਪਤੀ ਕੋਲ ਦਾਇਰ ਪਟੀਸ਼ਨ ਵਾਪਸ ਲੈ ਲਈ ਜਾਵੇ, ਕਿਉਂਕਿ ਉਹ ਪਿਛਲੇ ਤਕਰੀਬਨ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਪਿਛਲੇ ਲਗਭਗ 18 ਸਾਲ ਤੋਂ ਫਾਂਸੀ ਦੀ ਚੱਕੀ ਵਿੱਚ ਬੰਦ ਹਨ। ਪਿਛਲੇ ਲਗਭਗ 12 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ਼ ਅਪੀਲ ਭਾਰਤ ਸਰਕਾਰ ਕੋਲ ਸੁਣਵਾਈ ਅਧੀਨ ਹੈ ਪਰ ਸਰਕਾਰ ਇਸ ਬਾਰੇ ਕੋਈ ਫੈਸਲਾ ਨਹੀਂ ਲੈ ਰਹੀ।
ਇਸ ਮਾਮਲੇ ਵਿੱਚ ਯੋਗ ਆਦੇਸ਼ ਲੈਣ ਵਾਸਤੇ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਪੱਤਰ ਭੇਜਿਆ ਹੈ, ਜਿਸ ਤੇ ਅੱਜ ਵਿਚਾਰ ਕੀਤੀ ਗਈ ਹੈ।
ਇਸ ਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਹੈ ਕਿ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਜੋੜ ਮੇਲੇ ਗੁਰਮਤਿ ਤੋਂ ਸੇਧ ਲੈ ਕੇ ਅਤੇ ਭੈ-ਭਾਵਣੀ ਵਿੱਚ ਮਨਾਏ ਜਾਣ।
ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਬਟਾਲਾ ਵਿਖੇ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਾਚ ਗਾਣੇ, ਹੁਲੜਬਾਜ਼ੀ, ਮਨਮਤੀ ਵਿਆਹਾਂ ਵਾਂਗ ਗੁਰਮਤਿ ਵਿਰੋਧੀ ਕਿਸੇ ਤਰ੍ਹਾਂ ਦੇ ਮਨਮਤੀ ਕਰਮ ਨਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਜਿਹਾ ਰੁਝਾਨ ਪਹਿਲਾਂ ਸਾਹਮਣੇ ਆਇਆ ਹੈ ਜੋ ਕਿ ਠੀਕ ਨਹੀਂ ਹੈ।
ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਿਲ ਹੋਏ।