ਜੰਮੂ, 23 ਜੂਨ
ਕੇਂਦਰੀ ਮੰਤਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨ ਦੇ ਦੌਰੇ ‘ਤੇ ਅੱਜ ਇਥੇ ਪਹੁੰਚੇ। ਹਵਾਈ ਅੱਡੇ ‘ਤੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ਼ਾਹ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਸ੍ਰੀ ਸ਼ਾਹ ਨੇ ਜਨ ਸੰਘ ਦੇ ਸੰਸਥਾਪਕ ਸਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਕੇ ਦੌਰੇ ਦੀ ਸ਼ੁਰੂਆਤ ਕੀਤੀ। ਗ੍ਰਹਿ ਮੰਤਰੀ ਦੇ ਦੌਰੇ ਦੇ ਸਬੰਧ ਵਿੱਚ ਜੰਮੂ-ਕਸ਼ਮੀਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੱਸਣ ਲਈ ਭਗਵਤੀ ਨਗਰ ਖੇਤਰ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰਨ ਵਾਲੇ ਹਨ। ਸ਼ਾਹ ਵਰਚੁਅਲ ਮੋਡ ਰਾਹੀਂ ਕੇਂਦਰੀ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ, ਸਾਂਬਾ ਦਾ ਨੀਂਹ ਪੱਥਰ ਰੱਖਣਗੇ। ਉਹ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ। ਬਾਅਦ ਵਿੱਚ ਗ੍ਰਹਿ ਮੰਤਰੀ ਸ੍ਰੀਨਗਰ ਜਾਣਗੇ ਜਿੱਥੇ ਉਹ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਰਾਜ ਭਵਨ ਵਿੱਚ ਸਮਾਗਮ ਵਿੱਚ ਸ਼ਾਮਲ ਹੋਣਗੇ। ਉਹ ਸ਼ਹਿਰ ਵਿੱਚ ਕੇਂਦਰੀ ਸੱਭਿਆਚਾਰਕ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ‘ਵਿਤਾਸਤਾ’ ਸਮਾਰੋਹ ਵਿੱਚ ਵੀ ਸ਼ਿਰਕਤ ਕਰਨਗੇ।