ਪਟਿਆਲਾ: ਇੱਥੇ ਬਿਜਲੀ ਨਿਗਮ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਦੇ ਨਾਲ ਪੁਲੀਸ ਅਧਿਕਾਰੀਆਂ ਨੇ ਛਾਪੇ ਮਾਰ ਕੇ 1191 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਹੈ ਅਤੇ ਪਿਛਲੇ ਦੋ ਦਿਨਾਂ ਵਿੱਚ 110 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40.04 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦਿਨੋਂ-ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚੋਂ ਬਿਜਲੀ ਚੋਰੀ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇਹ ਵਿਸ਼ੇਸ਼ ਮੁਹਿੰਮ ਝੋਨੇ ਦੇ ਸੀਜ਼ਨ ਦੌਰਾਨ ਵੀ ਜਾਰੀ ਰੱਖੀ ਜਾਵੇਗੀ, ਮੁਫ਼ਤ ਬਿਜਲੀ ਦੇਣ ਦੇ ਬਾਵਜੂਦ ਬਿਜਲੀ ਚੋਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। -ਪੱਤਰ ਪ੍ਰੇਰਕ