ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਜੂਨ
ਆਮ ਆਦਮੀ ਪਾਰਟੀ ਹਲਕਾ ਮੁਹਾਲੀ ਦੇ ਆਗੂਆਂ ਅਤੇ ਵਾਲੰਟੀਅਰਾਂ ਵਿਚਾਲੇ ਚੱਲ ਰਹੀ ਖਿੱਚੋਤਾਣ ਦੀ ਸੋਸ਼ਲ ਮੀਡੀਆ ‘ਤੇ ਚਰਚਾ ਹੋਣ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਕਾਫ਼ੀ ਸਮੇਂ ਬਾਅਦ ਸੀਨੀਅਰ ਆਗੂ ਤੇ ਵਾਲੰਟੀਅਰ ਇੱਕ ਮੰਚ ‘ਤੇ ਇਕੱਠੇ ਨਜ਼ਰ ਆਏ। ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਾਲੰਟੀਅਰਾਂ ਅਤੇ ਸਮੂਹ ਅਹੁਦੇਦਾਰਾਂ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਅਤੇ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਇੰਜਨੀਅਰ ਪ੍ਰਭਜੋਤ ਕੌਰ, ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਅਤੇ ‘ਆਪ’ ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਸੁਖਦੇਵ ਸਿੰਘ ਪਟਵਾਰੀ ਸਮੇਤ ਹੋਰਨਾਂ ਆਗੂਆਂ ਨੇ ਸ਼ਮੂਲੀਅਤ ਕੀਤੀ। ਸਥਾਨਕ ਲੀਡਰਸ਼ਿਪ ਨੇ ਸਾਂਝੀ ਮੀਟਿੰਗ ਕਰ ਕੇ ਮਾਹੌਲ ਸੁਖਾਵਾਂ ਹੋਣ ਦਾ ਸੁਨੇਹਾ ਦਿੱਤਾ ਹੈ।
ਮੀਟਿੰਗ ਵਿੱਚ ਪੰਜਾਬ ਦੀ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਨੂੰ ਘਰ-ਘਰ ਪੁੱਜਦਾ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਜ਼ਿੰਮੇਵਾਰੀ ਹੁਣ ਹੋਰ ਵਧ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਆਏ ਦਿਨ ਲੋਕ ਪੱਖੀ ਸਕੀਮਾਂ ਦਾ ਐਲਾਨ ਕਰ ਰਹੇ ਹਨ ਅਤੇ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਵੀ ਜਾਰੀ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਇਨ੍ਹਾਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਸਹੀ ਮਾਅਨਿਆਂ ਵਿੱਚ ਪੁੱਜਦਾ ਕਰਨ ਲਈ ਵਾਲੰਟੀਅਰਾਂ ਨੂੰ ਇਲਾਕੇ ਵਿੱਚ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਇਸ ਮੌਕੇ ਕੌਂਸਲਰ ਅਰੁਣਾ ਵਸ਼ਿਸ਼ਟ ਤੇ ਗੁਰਮੀਤ ਕੌਰ, ਯੂਥ ਆਗੂ ਅਨੂ ਬੱਬਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ‘ਆਪ’ ਵਾਲੰਟੀਅਰ ਅਰੁਣ ਗੋਇਲ, ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਸ਼ਿਸ਼ਟ ਆਦਿ ਹਾਜ਼ਰ ਸਨ।