ਗੁਰਨਾਮ ਸਿੰਘ ਅਕੀਦਾ
ਪਟਿਆਲਾ, 29 ਜੂਨ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ‘ਤੇ ਪਹੁੰਚੇ, ਜਿਨ੍ਹਾਂ ਨੇ ਅਦਬ ਅਤੇ ਸਤਿਕਾਰ ਨਾਲ ਗੁਰੂ ਮਹਾਰਾਜ ਦੇ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ। ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਆਰੰਭ ਹੋਏ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਸਮੇਤ ਆਦਿ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਗਮਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸ਼ਾਂਤੀ ਦੇਣ ਵਾਲੀ ਅਤੇ ਪ੍ਰਮਾਤਮਾ ਦਾ ਗੁਣ ਗਾਇਨ ਕਰਨ ਦੀ ਜਿੱਥੇ ਪ੍ਰੇਰਨਾ ਪ੍ਰਦਾਨ ਕਰਦੀ ਹੈ, ਉੱਥੇ ਹੀ ਮਾਨਵੀ ਹੱਕਾਂ ‘ਤੇ ਪਹਿਰਾ ਦੇਣ ਦੀ ਗਵਾਹੀ ਵੀ ਭਰਦੀ ਹੈ ਅਤੇ ਵਿਸ਼ਵ ਇਤਿਹਾਸ ਅੰਦਰ ਗੁਰੂ ਸਾਹਿਬ ਦੀ ਕੁਰਬਾਨੀ ਵਿਲੱਖਣ ਹੈ। ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਆਪਣੇ ਕਰ ਕਮਲਾਂ ਨਾਲ ਨਵਾਬ ਸੈਫ਼ ਖ਼ਾਨ ਦੀਵਾਨ ਹਾਲ ਦਾ ਉਦਘਾਟਨ ਕਰ ਕੇ ਸੰਗਤਾਂ ਨੂੰ ਸਮਰਪਿਤ ਕੀਤਾ।