ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਜੂਨ
ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਨੇ ਅੱਜ ਇਲਾਕੇ ਦੇ ਡੀਐੱਮ, ਐੱਸਡੀਐੱਮ, ਏਐੱਸਐੱਮ, ਟਰੈਫਿਕ ਪੁਲੀਸ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵੱਖ ਵੱਖ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਦਿੱਲੀ ਸਰਕਾਰ ਦੀਆਂ ਇਸ ਵਿਧਾਨ ਸਭਾ ਹਲਕੇ ਨਾਲ ਜੁੜੀਆਂ ਯੋਜਨਾਵਾਂ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਜਰਨੈਲ ਸਿੰਘ ਨੇ ਦੱਸਿਆ ਕਿ ਤਿਲਕ ਨਗਰ ਸੰਘਣੀ ਆਬਾਦੀ ਵਾਲਾ ਇਲਾਕਾ ਹੈ। ਇੱਥੇ ਇੱਕ ਪਾਸੇ ਵਿਕਸਤ ਕਲੋਨੀਆਂ ਹਨ ਤਾਂ ਦੂਜੇ ਪਾਸੇ ਪ੍ਰਾਈਵੇਟ ਕਲੋਨੀਆਂ ਹਨ, ਜੋ ਬਾਅਦ ਵਿੱਚ ਸਰਕਾਰ ਵੱਲੋਂ ਪਾਸ ਕੀਤੀਆਂ ਗਈਆਂ ਸਨ। ਇਨ੍ਹਾਂ ਕਲੋਨੀਆਂ ਵਿੱਚ ਲੋਕਾਂ ਨੂੰ ਸਾਰੀਆਂ ਸਹੂਲਤਾਂ ਨਿਰਵਿਘਨ ਦੇਣ ਲਈ ਸਥਾਨਕ ਲੋਕ ਨੁਮਾਇੰਦਿਆਂ ਤੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਤੇ ਅਧਿਕਾਰੀਆਂ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨਾਲ ਸੰਵਾਦ ਰਚਾਇਆ। ਇਸ ਦੌਰਾਨ ਭੀੜ ਵਾਲੇ ਇਲਾਕਿਆਂ ਵਿੱਚ ਟਰੈਫਿਕ ਦੀ ਸਮੱਸਿਆ ਦਾ ਮੁੱਦਾ ਵੀ ਉਠਾਇਆ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ ਸੜਕਾਂ ਖਾਲੀ ਰੱਖਣ ਦੀ ਅਪੀਲ ਕੀਤੀ ਹੈ। ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਹਰ ਵਰਗ ਦਾ ਵਿਕਾਸ ਕੀਤਾ ਜਾ ਰਿਹਾ ਹੈ। ਵਿਕਾਸ ਕਾਰਜਾਂ ਦੌਰਾਨ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾ ਰਿਹਾ। ਇਸੇ ਕਰਕੇ ਲੋਕ ਆਮ ਆਦਮੀ ਪਾਰਟੀ ਸਰਕਾਰ ਤੋਂ ਲੋਕ ਬਹੁਤ ਖ਼ੁਸ਼ ਹਨ ਅਤੇ ਵਿਰੋਧੀ ਪਾਰਟੀਆਂ ਦੀਆਂ ਚਾਲਾਂ ਵਿੱਚ ਨਹੀਂ ਆ ਰਹੇ।