ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਮਾਰਚ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਾਂ ਸਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਕਮੇਟੀ ਪ੍ਰਧਾਨ ਹਰਮਨਜੀਤ ਸਿੰਘ ਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਹਰਮਨਜੀਤ ਸਿੰਘ ਨੇ ਦੱਸਿਆ ਕਿ ਨਾਨਕਸ਼ਾਹੀ ਸੰਮਤ 555 ਦੇ ਆਰੰਭ ਮੌਕੇ ਕਮੇਟੀ ਵੱਲੋਂ ਸਮਾਗਮ ਕਰਵਾਉਣ ਦਾ ਮਕਸਦ ਸੰਗਤ ਨੂੰ ਇਹ ਦੱਸਣਾ ਕਿ ਸਿੱਖਾਂ ਦਾ ਨਵਾਂ ਸਾਲ ਨਾਨਕਸ਼ਾਹੀ ਸੰਮਤ 1 ਚੇਤ ਤੋਂ ਸ਼ੁਰੂ ਹੁੰਦਾ ਹੈ| ਉਨ੍ਹਾਂ ਕਿਹਾ ਭਾਵੇਂ ਸਾਰੇ ਅੰਗਰੇਜ਼ੀ ਕੈਲੰਡਰ ਅਨੁਸਾਰ 1 ਜਨਵਰੀ ਨੂੰ ਨਵਾਂ ਸਾਲ ਮਨਾਉਂਦੇ ਹਨ ਪਰ ਸੰਗਤ ਨੂੰ ਆਪਣੇ ਸੱਭਿਆਚਾਰ ਅਤੇ ਇਤਿਹਾਸ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।