ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 7 ਜੂਨ
ਕਈ ਦਹਾਕਿਆਂ ਤੋਂ ਖਸਤਾ ਹਾਲ ਮੁਕਤਸਰ-ਮਲੋਟ ਸੜਕ ਤੋਂ ਦੁਖੀ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਮਲੋਟ ਰੋਡ ‘ਤੇ ਧਰਨਾ ਲਾ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਾੜੀ ਸੜਕ ਕਾਰਨ ਉਨ੍ਹਾਂ ਦਾ ਰੁਜ਼ਗਾਰ ਠੱਪ ਹੋਗਿਆ ਹੈ। ਮਿੱਟੀ ਕਾਰਨ ਉਨ੍ਹਾਂ ਨੂੰ ਬਿਮਾਰੀਆਂ ਲੱਗ ਗਈਆਂ ਹਨ। ਰਾਹਗੀਰ ਵੱਖ ਦੁਖੀ ਹਨ। ਉਨ੍ਹਾਂ ਦੱਸਿਆ ਕਿ ਮੀਂਹ ਪੈਣ ਕਾਰਨ ਇਹੀ ਮਿੱਟੀ ਦਲਦਲ ਬਣ ਜਾਂਦੀ ਹੈ ਤੇ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਭਰੋਸਾ ਦੇਣ ‘ਤੇ ਉਨ੍ਹਾਂ ਧਰਨਾ ਸਮਾਪਤ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫਤੇ ‘ਚ ਨਿਰਮਾਣ ਕਾਰਜ ਸ਼ੁਰੂ ਨਾ ਹੋਇਆ ਤਾਂ ਉਹ ਮੁੜ ਧਰਨਾ ਲਾਉਣ ਲਈ ਮਜਬੂਰ ਹੋਣਗੇ।
ਇਸ ਦੌਰਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਇਹ ਕੇਂਦਰ ਸਰਕਾਰ ਦਾ ਪ੍ਰਾਜੈਕਟ ਹੈ ਅਤੇ ਨੈਸ਼ਨਲ ਹਾਈਵੇਅ ਹੋਣ ਕਰਕੇ ਕੰਮ ‘ਚ ਦੇਰੀ ਹੋ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ ਤੇ ਹਾਲ ਦੀ ਘੜੀ ਖੱਡੇ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੇਗੀ।