ਪੱਤਰ ਪ੍ਰੇਰਕ
ਮਹਿਲ ਕਲਾਂ, 4 ਨਵੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ ਵਿਖੇ ਅਧਿਆਪਕਾਂ ਦੀ ਘਾਟ ਤੋਂ ਪ੍ਰੇਸ਼ਾਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਗੇਟ ਅੱਗੇ ਧਰਨਾ ਦਿੱਤਾ। ਇਸ ਮੌਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਦਿਆਰਥੀਆਂ ਤੇ ਮਾਪਿਆਂ ਨੇ ਸਕੂਲ ‘ਚ ਖਾਲੀ ਅਸਾਮੀਆਂ ਫੌਰੀ ਭਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਇਸ ਸਕੂਲ ਦੇ ਇੰਚਾਰਜ ਸਮੇਤ ਚਾਰ ਅਧਿਆਪਕਾਂ ਨੇ ਸਕੂਲ ‘ਚੋਂ ਆਪਣੀ ਇੱਛਾ ਨਾਲ ਬਦਲੀ ਕਰਵਾ ਲਈ ਜਿਸ ਕਾਰਨ ਸਮੱਸਿਆ ਖੜ੍ਹੀ ਹੋ ਗਈ ਹੈ।
ਪਿੰਡ ਦੇ ਪੰਚ ਜਸਵਿੰਦਰ ਸਿੰਘ ਮਾਂਗਟ, ਸਾਬਕਾ ਸਰਪੰਚ ਨਾਥ ਸਿੰਘ ਹਮੀਦੀ, ਪੰਚ ਅਮਰ ਸਿੰਘ ਚੋਪੜਾ ਤੇ ਹੋਰਨਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਵੱਡੀ ਗਿਣਤੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸਰਕਾਰੀ ਨੌਕਰੀ ਲੈਣ ਲਈ ਧਰਨੇ ਦੇ ਰਹੇ ਹਨ ਜਦਕਿ ਦੂਜੇ ਪਾਸੇ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਸਕੂਲਾਂ ਵਿੱਚ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕਰ ਸਕਦੀ ਹੈ ਤੇ ਉਨ੍ਹਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਕਾਰਨ ਬੱਚੇ ਸਕੂਲ ਛੱਡ ਕੇ ਹੋਰਨਾਂ ਪ੍ਰਾਈਵੇਟ ਸਕੂਲਾਂ ਵਿੱਚ ਜਾਣ ਲਈ ਮਜਬੂਰ ਹਨ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾਵੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਸੈਸ਼ਨ ਦੇ ਬਿਲਕੁੱਲ ਵਿਚਕਾਰ ਪੜ੍ਹਾਈ ਦੇ ਦਿਨਾਂ ਵਿੱਚ ਅਧਿਆਪਕਾਂ ਦੀਆਂ ਬਦਲੀਆਂ ਕਾਰਨ ਸਕੂਲ ਅੰਦਰ ਪੜ੍ਹਾਈ ਦਾ ਬੁਰਾ ਹਾਲ ਹੋ ਗਿਆ ਹੈ ਤੇ ਉਹ ਹੁਣ ਸ਼ੈਸ਼ਨ ਦੇ ਅੱਧ-ਵਿਚਾਲੇ ਕਿਸੇ ਹੋਰ ਸਕੂਲ ਵਿੱਚ ਵੀ ਦਾਖਲ ਨਹੀਂ ਹੋ ਸਕਦੇ ਹਨ।
ਇਸ ਮੌਕੇ ਸਕੂਲ ਇੰਚਾਰਜ ਸ਼ਕੁੰਤਲਾ ਦੇਵੀ ਨੇ ਧਰਨੇ ਵਿੱਚ ਪੁੱਜ ਕੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਸਾਰਾ ਮਾਮਲਾ ਜ਼ਿਲ੍ਹਾ ਸਿੱਖਿਆ ਅਫਸਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਤੇ ਉੱਚ ਅਧਿਕਾਰੀਆਂ ਵੱਲੋਂ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਧਰਨਾ ਚੁੱਕ ਦਿੱਤਾ ਗਿਆ। ਪਿੰਡ ਵਾਸੀਆਂ ਤੇ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਸ਼ੁਰੂ ਕਰਨਗੇ।