ਪੱਤਰ ਪ੍ਰੇਰਕ
ਪਠਾਨਕੋਟ, 24 ਜੂਨ
ਸੁਜਾਨਪੁਰ-ਗੁਰਦਾਸਪੁਰ ਨੈਸ਼ਨਲ ਹਾਈਵੇਅ ‘ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਦੋਵੇਂ ਸੁਜਾਨਪੁਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੀ ਪਛਾਣ ਬਚਨ ਲਾਲ (62) ਅਤੇ ਕ੍ਰਿਸ਼ਨਾ ਦੇਵੀ (60) ਵਜੋਂ ਹੋਈ ਹੈ।
ਜ਼ਖਮੀ ਕ੍ਰਿਸ਼ਨਾ ਦੇਵੀ ਨੇ ਦੱਸਿਆ ਕਿ ਉਹ ਮੋਟਰਸਾਈਕਲ ‘ਤੇ ਗੁਰਦਾਸਪੁਰ ਤੋਂ ਆਪਣੇ ਘਰ ਸੁਜਾਨਪੁਰ ਆ ਰਹੇ ਸਨ ਕਿ ਅਚਾਨਕ ਹਾਈਵੇਅ ਤੇ ਖੜ੍ਹੇ ਟਰੱਕ ਵਿੱਚ ਟਕਰਾਉਣ ਨਾਲ ਇਹ ਹਾਦਸਾ ਵਾਪਰ ਗਿਆ। ਜ਼ਿਕਰਯੋਗ ਹੈ ਕਿ ਹਾਈਵੇਅ ‘ਤੇ ਅਕਸਰ ਟਰੱਕ ਖੜ੍ਹੇ ਰਹਿੰਦੇ ਹਨ।
ਥਾਣਾ ਸੁਜਾਨਪੁਰ ਦੇ ਮੁਖੀ ਅਨਿਲ ਪਵਾਰ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਬਾਅਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਫਗਵਾੜਾ (ਪੱਤਰ ਪ੍ਰੇਰਕ): ਇੱਥੇ ਮੁਕੰਦਪੁਰ ਰੋਡ ਨੇੜੇ ਕਾਰ ਤੇ ਸਕੂਟਰੀ ਦੀ ਟੱਕਰ ‘ਚ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜ਼ਖ਼ਮੀ ਦੀ ਪਛਾਣ ਸਰਬਜੀਤ ਕੁਮਾਰ ਵਾਸੀ ਵਿਰਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਕਾਰ ਗੱਡੀ ਨੂੰ ਓਵਰਟੇਕ ਕਰ ਕੇ ਅੱਗੇ ਜਾਂਦਾ ਹੋਇਆ ਗੱਡੀ ‘ਚ ਵੱਜ ਗਿਆ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ
ਫਗਵਾੜਾ (ਪੱਤਰ ਪ੍ਰੇਰਕ): ਇੱਥੇ ਮੇਹਟਾਂ ਚੌਕ ਵਿੱਚ ਦੋ ਗੱਡੀਆਂ ਦੀ ਆਪਸ ‘ਚ ਟੱਕਰ ਹੋ ਗਈ। ਇਸ ਕਾਰਨ ਗੱਡੀਆਂ ਦਾ ਕਾਫ਼ੀ ਨੁਕਸਾਨ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੇਹਟਾਂ ਤੋਂ ਫਗਵਾੜਾ ਵੱਲ ਨੂੰ ਆ ਰਹੀ ਕਾਰ ਚੰਡੀਗੜ੍ਹ ਵੱਲੋਂ ਆ ਰਹੀ ਦੂਜੀ ਕਾਰ ਨਾਲ ਟਕਰਾ ਗਈ। ਇਸ ਕਾਰਨ ਗੱਡੀਆਂ ਦਾ ਕਾਫ਼ੀ ਨੁਕਸਾਨ ਹੋ ਗਿਆ। ਪੁਲੀਸ ਨੇ ਘਟਨਾ ਸਥਾਨ ‘ਤੇ ਪੁੱਜ ਕੇ ਜਾਇਜ਼ਾ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।