ਇਸਲਾਮਾਬਾਦ, 27 ਜੁਲਾਈ
ਚੌਧਰੀ ਪਰਵੇਜ਼ ਇਲਾਹੀ ਨੇ ਨਾਟਕੀ ਘਟਨਾਕ੍ਰਮ ਤੋਂ ਬਾਅਦ ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਅਤੇ ਪੀਐੱਮਐੱਲ-ਕਿਊ ਆਗੂ ਇਲਾਹੀ ਨੂੰ ਸਿਆਸੀ ਤੌਰ ‘ਤੇ ਮਹੱਤਵਪੂਰਨ ਸੂਬੇ ਦਾ ਮੁੱਖ ਮੰਤਰੀ ਨਿਯੁਕਤ ਕੀਤਾ। ਇਸ ਫੈਸਲੇ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਝਟਕਾ ਦਿੱਤਾ ਹੈ।ਬਹੁਮਤ ਹਾਸਲ ਕਰਨ ਦੇ ਬਾਵਜੂਦ ਸ਼ੁੱਕਰਵਾਰ ਦੀ ਚੋਣ ਹਾਰ ਗਏ ਪਰਵੇਜ਼ ਇਲਾਹੀ ਨੇ ਡਿਪਟੀ ਸਪੀਕਰ ਦੋਸਤ ਮਜ਼ਾਰੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ, ਜਿਸ ਨੇ ਪ੍ਰਧਾਨ ਮੰਤਰੀ ਸ਼ਰੀਫ ਦੇ ਪੁੱਤਰ ਹਮਜ਼ਾ ਨੂੰ ਜੇਤੂ ਐਲਾਨ ਦਿੱਤਾ ਸੀ। ਸੁਪਰੀਮ ਕੋਰਟ ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀਆਂ ਚੋਣਾਂ ਵਿੱਚ 10 ਵੋਟਾਂ ਨੂੰ ਖਾਰਜ ਕਰਨ ਦੇ ਮਜ਼ਾਰੀ ਦੇ ਵਿਵਾਦਤ ਫੈਸਲੇ ਨੂੰ “ਗੈਰ-ਕਾਨੂੰਨੀ” ਕਰਾਰ ਦਿੱਤਾ ਅਤੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਸਮਰਥਿਤ ਉਮੀਦਵਾਰ ਇਲਾਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।