ਇਸਲਾਮਾਬਾਦ, 10 ਸਤੰਬਰ
ਸੰਯੁਕਤ ਰਾਸ਼ਟਰ ਮੁਖੀ ਅੰਤੋਨੀਓ ਗੁਟੇਰੇਜ਼ ਨੇ ਸ਼ਨਿਚਰਵਾਰ ਨੂੰ ਕੌਮਾਂਤਰੀ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਦੇਸ਼ ਪਾਕਿਸਤਾਨ ਦੀ ਮਦਦ ਲਈ ਢੁੱਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਸਵੀਕਾਰਿਆ ਕਿ ਅਮਰੀਕਾ ਪਾਕਿਸਤਾਨ ਵਿੱਚ ਜੋ ਕੁੱਝ ਵੀ ਕਰ ਰਿਹਾ ਹੈ, ਉਹ ਲੋੜ ਦਾ ਮਹਿਜ਼ ਇੱਕ ਛੋਟਾ ਜਿਹਾ ਹਿੱਸਾ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੇ ਸੱਖਰ ਵਿੱਚ ਇਹ ਬਿਆਨ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਦਿਆਂ ਕਿਹਾ ਕਿ ਜਲਵਾਯੂ ਪਰਿਵਰਤਨ ਦੇ ਖਤਰਿਆਂ ਦਾ ਸਾਹਮਣਾ ਕਰਨ ਵਾਲੇ ਪਾਕਿਸਤਾਨ ਸਮੇਤ ਹੋਰ ਦੇਸ਼ਾਂ ਨੂੰ ਭਵਿੱਖ ਵਿੱਚ ਆਪਣੇ ਬੁਨਿਆਦੀ ਢਾਂਚੇ ਦਾ ਪੁਨਰ-ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਹੋਏ ਨੁਕਸਾਨ ’ਤੇ ਗੰਭੀਰ ਚਰਚਾ ਕਰਨ ਦੀ ਲੋੜ ਹੈ ਕਿਉਂਕਿ ਪਾਕਿਸਤਾਨ ਵਿੱਚ ਸੰਯੁਕਤ ਰਾਸ਼ਟਰ ਜੋ ਕੁੱਝ ਵੀ ਕਰ ਰਿਹਾ ਹੈ ਉਹ ਲੋੜ ਦਾ ਮਹਿਜ਼ ਇੱਕ ਛੋਟਾ ਜਿਹਾ ਹਿੱਸਾ ਹੈ। ਪਿਛਲੇ ਹਫ਼ਤੇ ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਦੀ ਮਦਦ ਲਈ 16 ਕਰੋੜ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ। ਗੁਟੇਰੇਜ਼ ਨੇ ਕਿਹਾ, ‘‘ਪਾਕਿਸਤਾਨ ਅਤੇ ਹੋਰ ਵਿਕਾਸਸ਼ੀਲ ਦੇਸ਼ ਜੀਵਨ ਭਰ ਈਂਧਨ ’ਤੇ ਨਿਰਭਰਤਾ ਜਾਰੀ ਰੱਖਣ ਦੀ ਵੱਡੀ ਕੀਮਤ ਚੁਕਾ ਰਹੇ ਹਨ।’’ ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਵੀ ਪਾਕਿਸਤਾਨ ਵਿੱਚ ਰੋਗੀਆਂ ਦੇ ਇਲਾਜ ਲਈ ਦਵਾਈਆਂ ਪਹੁੰਚਾਈਆਂ ਹਨ। -ਪੀਟੀਆਈ