ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ):
ਕੈਨੇਡਾ ਦੀ ਲਿਬਰਲ ਪਾਰਟੀ ਸਰਕਾਰ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਖ ਵਿਰੋਧੀ ਪਾਰਟੀ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਮੌਕੇ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰਨ ਲੱਗੀ ਹੈ। ਇਸ ਦਾ ਐਲਾਨ ਟੋਰੀ ਪਾਰਟੀ ਦੇ ਆਗੂ ਪੀਅਰ ਪੋਲਿਵਰ ਨੇ ਓਟਵਾ ’ਚ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐੱਨਡੀਪੀ ਆਗੂ ਜਗਮੀਤ ਸਿੰਘ ਨੂੰ ਬੇਭਰੋਸਗੀ ਮਤੇ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਤਾਂ ਜੋ ਟਰੂਡੋ ਸਰਕਾਰ ਨੂੰ ਲਾਂਭੇ ਕਰਕੇ ਮੱਧਕਾਲੀ ਚੋਣਾਂ ਦਾ ਰਾਹ ਖੁੱਲ੍ਹੇ ਅਤੇ ਦੇਸ਼ ਦੇ ਲੋਕਾਂ ਨੂੰ ਨਵੀਂ ਸਰਕਾਰ ਚੁਣਨ ਦਾ ਮੌਕਾ ਜਲਦੀ ਮਿਲੇ। ਪੀਅਰ ਪੋਲਿਵਰ ਨੇ ਐੱਨਡੀਪੀ ਆਗੂਆਂ ਨੂੰ ਕਿਹਾ ਕਿ ਉਹ ਖੁੱਲ੍ਹ ਕੇ ਟਰੂਡੋ ਸਰਕਾਰ ਵਿਰੁੱਧ ਬੋਲਣ।