ਇਸਲਾਮਾਬਾਦ, 24 ਅਗਸਤ
ਪੈਗ਼ੰਬਰ ਮੁਹੰਮਦ ਬਾਰੇ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪਾਰਟੀ ’ਚੋਂ ਮੁਅੱਤਲ ਕੀਤੇ ਗਏ ਤਿਲੰਗਾਨਾ ਦੇ ਭਾਜਪਾ ਵਿਧਾਇਕ ਟੀ. ਰਾਜਾ ਸਿੰਘ ਦੀ ਪਾਕਿਸਤਾਨ ਨੇ ਨਿਖੇਧੀ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿਚ ਠੋਸ ਤੇ ਫ਼ੈਸਲਾਕੁਨ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰ ਰਹੇ ਹਨ ਜਿਸ ਨਾਲ ਮੁਸਲਮਾਨਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਦੋ ਵਾਰ ਅਜਿਹਾ ਹੋ ਚੁੱਕਾ ਹੈ ਕਿ ਕਿਸੇ ਸੀਨੀਅਰ ਭਾਜਪਾ ਆਗੂ ਨੇ ਪੈਗ਼ੰਬਰ ਦਾ ਅਪਮਾਨ ਕੀਤਾ ਹੈ। ਇਸ ਨਾਲ ਪਾਕਿਸਤਾਨ ਦੇ ਹੀ ਨਹੀਂ, ਬਲਕਿ ਪੂਰੀ ਦੁਨੀਆ ਦੇ ਅਰਬਾਂ ਮੁਸਲਮਾਨਾਂ ਨੂੰ ਠੇਸ ਪਹੁੰਚੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਾਜਾ ਸਿੰਘ ਖ਼ਿਲਾਫ਼ ਭਾਜਪਾ ਵੱਲੋਂ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਕਾਫ਼ੀ ਨਹੀਂ ਹੈ ਤੇ ਇਸ ਨਾਲ ਭਾਰਤ ਅਤੇ ਦੁਨੀਆ ਭਰ ਦੇ ਮੁਸਲਮਾਨਾਂ ਸੰਤੁਸ਼ਟ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਰਾਜਾ ਸਿੰਘ ਨੂੰ ਗ੍ਰਿਫ਼ਤਾਰੀ ਦੇ ਕੁਝ ਘੰਟਿਆਂ ਦੇ ਅੰਦਰ ਹੀ ਜ਼ਮਾਨਤ ਮਿਲ ਗਈ ਜੋ ਕਿ ਨਿੰਦਣਯੋਗ ਹੈ। ਪਾਕਿਸਤਾਨ ਨੇ ਕਿਹਾ ਕਿ ਭਾਰਤ ਦੀ ਸਰਕਾਰ ਨੂੰ ਤੁਰੰਤ ਫ਼ੈਸਲਾਕੁਨ ਕਾਰਵਾਈ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਆਗੂ ਨੂਪੁਰ ਸ਼ਰਮਾ ਨੇ ਵੀ ਪੈਗੰਬਰ ਬਾਰੇ ਕਥਿਤ ਅਪਮਾਨਜਨਕ ਟਿੱਪਣੀ ਕੀਤੀ ਸੀ। -ਪੀਟੀਆਈ