ਇਸਲਾਮਾਬਾਦ, 31 ਜੁਲਾਈ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਨੇ ਕਿਹਾ ਕਿ ਜੇ ਅਗਲੀਆਂ ਆਮ ਚੋਣਾਂ ਵਿੱਚ ਪਾਰਟੀ ਸੱਤਾ ਵਿੱਚ ਆਈ ਤਾਂ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਦੇ ਪ੍ਰਧਾਨ ਨਵਾਜ਼ ਸ਼ਰੀਫ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਐਤਵਾਰ ਨੂੰ ਜੀਓ ਨਿਊਜ਼ ਪ੍ਰੋਗਰਾਮ ਦੌਰਾਨ ਸ਼ਹਬਿਾਜ਼ ਨੇ ਕਿਹਾ ਕਿ ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ, ਜੋ 2019 ਤੋਂ ਲੰਡਨ ਵਿੱਚ ਜਲਾਵਤਨੀ ’ਚ ਰਹਿ ਰਹੇ ਹਨ, ਅਗਲੇ ਕੁਝ ਹਫ਼ਤਿਆਂ ਵਿੱਚ ਦੇਸ਼ ਪਰਤਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡੇ ਭਰਾ ਨਵਾਜ਼ ਸ਼ਰੀਫ਼ (73) ਪਾਕਿਸਤਾਨ ਮੁੜਨ ’ਤੇ ਕਾਨੂੰਨੀ ਦਾਅ ਪੇਚਾਂ ਦਾ ਸਾਹਮਣਾ ਕਰਨਗੇ। ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ’ਤੇ ਤਿਆਰ ਕੀਤੀ ਗਈ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਵਿਦੇਸ਼ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ 2017 ਵਿੱਚ ਨਵਾਜ਼ ਸ਼ਰੀਫ਼ ਨੂੰ ਅਯੋਗ ਠਹਿਰਾਇਆ ਗਿਆ ਸੀ। ਪਨਾਮਾ ਪੇਪਰਾਂ ਨਾਲ ਸਬੰਧਿਤ ਕੇਸ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਉਹ ਜਨਤਕ ਦਫ਼ਤਰ ਸੰਭਾਲਣ ’ਚ ਅਯੋਗ ਹੋ ਗਏ ਸਨ। ਲਾਹੌਰ ਹਾਈ ਕੋਰਟ ਵੱਲੋਂ ਮੈਡੀਕਲ ਆਧਾਰ ’ਤੇ ਚਾਰ ਹਫ਼ਤਿਆਂ ਦੀ ਜ਼ਮਾਨਤ ’ਤੇ ਲੰਡਨ ਜਾਣ ਤੋਂ ਪਹਿਲਾਂ ਨਵਾਜ਼ ਸ਼ਰੀਫ਼ ਅਲ-ਅਜ਼ੀਜ਼ੀਆ ਮਿਲਜ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੱਤ ਸਾਲ ਦੀ ਸਜ਼ਾ ਕੱਟ ਰਹੇ ਸਨ। -ਪੀਟੀਆਈ