ਲਾਹੌਰ, 16 ਅਕਤੂਬਰ
ਪਾਕਿਸਤਾਨੀ ਅਦਾਲਤ ਨੇ ਪੰਜਾਬ ਸੂਬੇ ’ਚ ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਸੰਘੀ ਸਰਕਾਰ ’ਤੇ ਸਵਾਲ ਉਠਾਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਬਾਰੇ ਸਪੱਸ਼ਟ ਕਰਨ ਕਿ ਪ੍ਰੋਜੈਕਟ ਸੂਬਾ ਸਰਕਾਰ ਦੇ ਮਾਮਲਿਆਂ ’ਚ ਕੋਈ ਦਖ਼ਲ ਤਾਂ ਨਹੀਂ ਸੀ। ਲਾਹੌਰ-ਨਾਰੋਵਾਲ ਸੜਕ ਦੀ ਉਸਾਰੀ ’ਚ ਦੇਰੀ ਖਿਲਾਫ਼ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਦੌਰਾਨ ਲਾਹੌਰ ਹਾਈ ਕੋਰਟ ਦੇ ਚੀਫ਼ ਜਸਟਿਸ ਮੁਹੰਮਦ ਕਾਸਿਮ ਖ਼ਾਨ ਨੇ ਸੰਘੀ ਸਰਕਾਰ ਦੇ ਕਾਨੂੰਨ ਅਧਿਕਾਰੀ ਨੂੰ ਪੁੱਛਿਆ ਕਿ ਸੜਕ ਬਣਾਉਣ ਲਈ ਸੰਘੀ ਜਾਂ ਸੂਬਾ ਸਰਕਾਰ ’ਚੋਂ ਕੌਣ ਜ਼ਿੰਮੇਵਾਰ ਹੈ।
ਕਾਨੂੰਨ ਅਧਿਕਾਰੀ ਨੇ ਕਿਹਾ ਕਿ ਸੜਕ ਬਣਾਉਣ ਲਈ ਫੰਡ ਜਾਰੀ ਕਰਨ ਦਾ ਅਧਿਕਾਰ ਖੇਤਰ ਸੰਘੀ ਸਰਕਾਰ ਦੇ ਘੇਰੇ ਹੇਠ ਨਹੀਂ ਆਉਂਦਾ ਹੈ। ਚੀਫ਼ ਜਸਟਿਸ ਨੇ ਕਿਹਾ,‘‘ਜੇਕਰ ਸੜਕ ਦੀ ਉਸਾਰੀ ਸੂਬਾ ਸਰਕਾਰ ਦਾ ਵਿਸ਼ਾ ਹੈ ਤਾਂ ਸੰਘੀ ਸਰਕਾਰ ਨੇ ਕਰਤਾਰਪੁਰ ਲਾਂਘਾ ਪ੍ਰੋਜੈਕਟ ਦੀ ਉਸਾਰੀ ਕਿਵੇਂ ਕੀਤੀ। ਕੀ ਸਰਕਾਰਾਂ ਆਪਣੀਆਂ ਨਿੱਜੀ ਇੱਛਾਵਾਂ ਤਹਿਤ ਕੰਮ ਕਰਦੀਆਂ ਹਨ ਜਾਂ ਕਾਨੂੰਨ ਅਨੁਸਾਰ ?’’ ਜੱਜ ਨੇ ਕਾਨੂੰਨ ਅਧਿਕਾਰੀ ਨੂੰ ਕਿਹਾ ਕਿ ਉਹ ਸਪੱਸ਼ਟ ਕਰੇ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਕਰਕੇ ਕੀ ਸੰਘੀ ਸਰਕਾਰ ਨੇ ਪੰਜਾਬ ਦੇ ਮਾਮਲਿਆਂ ’ਚ ਦਖ਼ਲ ਤਾਂ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਮਾਮਲਿਆਂ ’ਚ ਸੰਘੀ ਸਰਕਾਰ ਦਾ ਦਖ਼ਲ ਸਾਬਿਤ ਹੋ ਗਿਆ ਤਾਂ ਪ੍ਰਧਾਨ ਮੰਤਰੀ ਨੂੰ ਨੋਟਿਸ ਜਾਰੀ ਕੀਤਾ ਜਾ ਸਕਦਾ ਹੈ। ਚੀਫ਼ ਜਸਟਿਸ ਨੇ ਕੇਸ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। -ਪੀਟੀਆਈ