ਇਸਲਾਮਾਬਾਦ, 26 ਜੁਲਾਈ
ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀਟੀਆਈ) ਮਕਬੂਜ਼ਾ ਕਸ਼ਮੀਰ ਵਿੱਚ ਪਹਿਲੀ ਵਾਰ ਸਰਕਾਰ ਬਣਾਏਗੀ। ਪੀਟੀਆਈ ਨੇ ਅੱਜ ਸੂਬਾ ਵਿਧਾਨ ਸਭਾ ਚੋਣਾਂ ਵਿੱਚ 45 ’ਚੋਂ 25 ਸੀਟਾਂ ਉੱਤੇ ਜਿੱਤ ਦਰਜ ਕੀਤੀ ਹੈ। ਹਾਲਾਂਕਿ ਚੋਣਾਂ ਦੌਰਾਨ ਹਿੰਸਾ ਹੋਈ ਹੈ ਅਤੇ ਵਿਰੋਧੀ ਧਿਰਾਂ ਨੇ ਧਾਂਦਲੀ ਹੋਣ ਦਾ ਦੋਸ਼ ਵੀ ਲਾਇਆ। ਸੂਬੇ ਵਿੱਚ ਇਸ ਸਮੇਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਕਾਬਜ਼ ਹੈ। ਉਸ ਨੂੰ ਸਿਰਫ਼ ਛੇ ਸੀਟਾਂ ਹੀ ਮਿਲੀਆਂ ਹਨ। ਚੋਣ ਕਮਿਸ਼ਨ ਵੱਲੋਂ ਐਲਾਨੇ ਅਣਅਧਿਕਾਰਤ ਨਤੀਜਿਆਂ ਵਿੱਚ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਰਟੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ 11 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਇਮਰਾਨ ਖ਼ਾਨ ਦੀ ਪਾਰਟੀ ਕੋਲ ਸਰਕਾਰ ਬਣਾਉਣ ਲਈ ਬਹੁਮੱਤ ਹੈ। ਹੁਣ ਉਸ ਨੂੰ ਕਿਸੇ ਹੋਰ ਧਿਰ ਦੇ ਸਮਰਥਨ ਦੀ ਲੋੜ ਨਹੀਂ ਹੈ। ਪੀਟੀਆਈ ਮਕਬੂਜ਼ਾ ਕਸ਼ਮੀਰ ਵਿੱਚ ਪਹਿਲੀ ਵਾਰ ਸਰਕਾਰ ਬਣਾਏਗੀ। ਹਾਲਾਂਕਿ, ਦੇਸ਼ ਵਿੱਚ ਸੱਤਾ ’ਤੇ ਕਾਬਜ਼ ਧਿਰ ਦੀ ਹੀ ਹੁਣ ਤੱਕ ਮਕਬੂਜ਼ਾ ਕਸ਼ਮੀਰ ਵਿੱਚ ਸਰਕਾਰ ਬਣੀ ਹੈ। ਭਾਰਤ ਨੇ ਇਸ ਤੋਂ ਪਹਿਲਾਂ ਗਿਲਗਿਤ-ਬਾਲਟਿਸਤਾਨ ਵਿੱਚ ਚੋਣਾਂ ਕਰਵਾਏ ਜਾਣ ਦੇ ਪਾਕਿਸਤਾਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਫ਼ੌਜ ਵੱਲੋਂ ਕਬਜ਼ਾਏ ਖੇਤਰ ਦੀ ਸਥਿਤੀ ਬਦਲਣ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ। -ਪੀਟੀਆਈ