ਕਰਾਚੀ, 21 ਅਪਰੈਲ
ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਦਾਦੂ ਜ਼ਿਲ੍ਹੇ ਦੇ ਇਕ ਪਿੰਡ ’ਚ ਅੱਗ ਲੱਗਣ ਕਾਰਨ ਘੱਟੋ-ਘੱਟ ਨੌਂ ਬੱਚਿਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਅੱਗ ਵਿੱਚ ਕਈ ਪਸ਼ੂ ਵੀ ਜਿਊਂਦੇ ਸੜ ਗਏ। ਚਸ਼ਮਦੀਦਾਂ ਮੁਤਾਬਕ, ਇਹ ਘਟਨਾ ਫੈਜ਼ ਮੁਹੰਮਦ ਦਰਿਆਨੀ ਚੰਦੀਓ ਪਿੰਡ ਵਿੱਚ ਵਾਪਰੀ। ਇਥੇ ਇਕ ਝੌਂਪੜੀ ਵਿੱਚ ਅੱਗ ਲੱਗ ਗਈ, ਜਿਸ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰ ਲਿਆ ਅਤੇ ਕਈ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ 50 ਘਰ ਸੜ ਕੇ ਸੁਆਹ ਹੋ ਗਏ। ਇਸ ਘਟਨਾ ਵਿੱਚ 20 ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ ਤੇ 160 ਤੋਂ ਵੱਧ ਪਸ਼ੂ ਮਾਰੇ ਗਏ ਹਨ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਫਾਇਰ ਬ੍ਰਿਗੇਡ ਦਾ ਅਮਲਾ ਮੌਕੇ ’ਤੇ ਨਹੀਂ ਪਹੁੰਚਿਆ। ਸੂਬੇ ਮੁੱਖ ਮੰਤਰੀ ਅਨੁਸਾਰ ਫਾਇਰ ਬ੍ਰਿਗੇਡ ਦੇ ਨਾ ਪਹੁੰਚਣ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਨੇ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਕਦਮ ਚੁੱਕੇਗੀ। ਉਨ੍ਹਾਂ ਮੁੱਖ ਮੰਤਰੀ ਤੋਂ ਘਟਨਾ ਦੀ ਪੂਰੀ ਰਿਪੋਰਟ ਮੰਗੀ ਹੈ। -ਏਜੰਸੀ