ਇਸਲਾਮਾਬਾਦ, 16 ਫਰਵਰੀ
ਪਾਕਿਸਤਾਨ ਸਰਕਾਰ ਨੇ ਅੱਜ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦਾ ਪਾਸਪੋਰਟ ਰੀਨਿਊ ਨਹੀਂ ਕਰੇਗੀ। ਨਵਾਜ਼ ਸ਼ਰੀਫ਼ ਇਸ ਸਮੇਂ ਲੰਡਨ ਵਿੱਚ ਰਹਿ ਰਹੇ ਹਨ। ਗ੍ਰਹਿ ਮੰਤਰੀ ਸ਼ੇਖ ਰਸ਼ੀਦ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ਼ ਦੇ ਪਾਸਪੋਰਟ ਦੀ ਮਿਆਦ ਪੁੱਗਣ ਤੋਂ ਇੱਕ ਦਿਨ ਪਹਿਲਾਂ ਅੱਜ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇ ਉਹ ਵਾਪਸ ਆਉਣਾ ਚਾਹੁੰਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਵਿਸ਼ੇਸ਼ ਸਰਟੀਫਿਕੇਟ ਜਾਰੀ ਕਰ ਸਕਦੀ ਹੈ। ਉਨ੍ਹਾਂ ਕਿਹਾ, ‘‘ਉਨ੍ਹਾਂ ਦੇ ਪਾਸਪੋਰਟ ਦੀ ਮਿਆਦ ਅੱਜ ਮੰਗਲਵਾਰ ਅੱਧੀ ਰਾਤ ਨੂੰ ਖ਼ਤਮ ਹੋ ਜਾਵੇਗੀ। ਜੇਕਰ ਉਹ ਪਾਕਿਸਤਾਨ ਆਉਣਾ ਚਾਹੁੰਦੇ ਹਨ ਤਾਂ ਸਰਕਾਰ ਉਨ੍ਹਾਂ ਦੀ ਅਪੀਲ ’ਤੇ ਵਿਸ਼ੇਸ਼ ਸਰਟੀਫਿਕੇਟ ਜਾਰੀ ਕਰ ਸਕਦੀ ਹੈ।’’ -ਪੀਟੀਆਈ