ਲਾਹੌਰ, 18 ਮਾਰਚ
ਲਾਹੌਰ ਹਾਈ ਕੋਰਟ ਵਿੱਚ ਅੱਜ ਇਕ ਪਟੀਸ਼ਨ ਦਾਇਰ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੂਰ ਤੇ ਸੁਖਦੇਵ ਦੀ 23 ਮਾਰਚ ਨੂੰ 90ਵੀਂ ਬਰਸੀ ਨੂੰ ਸਮਰਪਿਤ ਸਮਾਗਮ ਲਈ ਇਜਾਜ਼ਤ ਮੰਗੀ ਗਈ ਹੈ। ਭਗਤ ਸਿੰਘ ਯਾਦਗਾਰੀ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਵੱਲੋਂ ਦਾਇਰ ਪਟੀਸ਼ਨ ਵਿੱਚ ਸਮਾਗਮ ਲਈ ਮੁਕੰਮਲ ਸੁਰੱਖਿਆ ਮੁਹੱਈਆ ਕਰਵਾਉਣ ਸਬੰਧੀ ਸੂਬਾ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ। ਚੇਤੇ ਰਹੇ ਕਿ ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਹਵਾਲੇ ਨਾਲ ਸਮਾਗਮ ਲਈ ਹਰੀ ਝੰਡੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਾਦਮਾਨ ਚੌਕ ਵਿੱਚ ਸਮਾਗਮ ਕਰਵਾਉਣ ਦੀ ਪ੍ਰਵਾਨਗੀ ਮੰਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਰਹੱਦ ਦੇ ਦੋਵੇਂ ਪਾਸੇ ਅਮਨ ਦੇ ਸੁਨੇਹੇ ਲਈ ਅਜਿਹੇ ਸਮਾਗਮਾਂ ਨੂੰ ਕਰਵਾਉਣ ਲਈ ਹੱਲਾਸ਼ੇਰੀ ਦੇਵੇ, ਨਾ ਕਿ ਕਰੋਨਾ ਦੇ ਹਵਾਲੇ ਨਾਲ ਰੱਦ ਕਰੇ। -ਪੀਟੀਆਈ