ਨਵੀਂ ਦਿੱਲੀ, 5 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਹਾਲਾਤ ਅਤੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਮੁਲਕ ਵੱੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਵਿਚਾਰ ਵਟਾਂਦਰੇ ਲਈ ਸ਼ਨਿਚਰਵਾਰ ਸ਼ਾਮ ਨੂੰ ਉੱਚ ਪੱਧਰੀ ਮੀਟਿੰਗ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮੋਦੀ ਐਤਵਾਰ ਤੋਂ ਅਜਿਹੀਆਂ ਕਈ ਮੀਟਿੰਗਾਂ ਦੀ ਪ੍ਰਧਾਨਗੀ ਕਰ ਚੁੱਕੇ ਹਨ। ਭਾਰਤ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਹੁਣ ਉਸ ਦਾ ਧਿਆਨ ਯੂਕਰੇਨ ਦੇ ਪੂਰਬੀ ਸ਼ਹਿਰ ਸੂਮੀ ਵਿੱਚ ਫਸੇ ਲਗਪਗ 700 ਭਾਰਤੀ ਵਿਦਿਆਰਥੀਆਂ ਨੂੰ ਕੱਢਣ ’ਤੇ ਹੈ, ਜਿਥੇ ਬੰਬ ਧਮਾਕੇ ਅਤੇ ਹਵਾਈ ਹਮਲੇ ਹੋ ਰਹੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਅਗਲੇ ਕੁਝ ਘੰਟਿਆਂ ਵਿੱਚ ਖਾਰਕੀਵ ਅਤੇ ਪਿਸੋਚਿਨ ਵਿੱਚ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਉਮੀਦ ਕਰਦਾ ਹੈ। ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਕੈਬਨਿਟ ਮੰਤਰੀ ਪਿਯੂਸ਼ ਗੋਇਲ ਅਤੇ ਕਈ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। -ਏਜੰਸੀ