ਲਾਹੌਰ, 4 ਨਵੰਬਰ
ਪਾਕਿਸਤਾਨ ਦੀ ਸੱਭਿਆਚਾਰਕ ਰਾਜਧਾਨੀ ਲਾਹੌਰ ਵਿੱਚ ਖਤਰਨਾਕ ਹਵਾ ਪ੍ਰਦੂਸ਼ਣ ਕਾਰਨ ਅੱਜ ਤੋਂ ਪ੍ਰਾਇਮਰੀ ਸਕੂਲਾਂ ਨੂੰ ਹਫ਼ਤੇ ਲਈ ਬੰਦ ਕਰ ਦਿੱਤਾ ਗਿਆ ਹੈ। ਹਫ਼ਤੇ ਦੇ ਅਖ਼ੀਰ ਵਿੱਚ ਹਵਾ ਗੁਣਵੱਤਾ ਸੂਚਕ ਅੰਕ 1000 ਤੋਂ ਉੱਪਰ ਦਰਜ ਕੀਤਾ ਗਿਆ ਸੀ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਬੰਦ ਕਰਨ ਦਾ ਇਹ ਕਦਮ 1.4 ਕਰੋੜ ਦੀ ਆਬਾਦੀ ਵਾਲੇ ਸ਼ਹਿਰ ਵਿੱਚ ਬੱਚਿਆਂ ਨੂੰ ਸਾਹ ਸਬੰਧੀ ਅਤੇ ਹੋਰ ਬਿਮਾਰੀਆਂ ਤੋਂ ਬਚਾਉਣ ਦੀ ਕੋਸ਼ਿਸ਼ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਸਰਕਾਰ ਨੇ ਕਿਹਾ ਕਿ ਲਾਹੌਰ ਵਿੱਚ ਹਰ ਕਿਸੇ ਲਈ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ‘ਗਰੀਨ ਲਾਕਡਾਊਨ’ ਤਹਿਤ ਸ਼ਹਿਰ ਦੇ 50 ਫ਼ੀਸਦੀ ਕਰਮੀ ਨਿਸ਼ਚਿਤ ਤੌਰ ’ਤੇ ਘਰ ਤੋਂ ਕੰਮ ਕਰਨਗੇ ਅਤੇ ਬਿਨਾਂ ਫਿਲਟਰ ਦੇ ਲੱਕੜ ਜਾਂ ਕੋਲੇ ’ਤੇ ਭੋਜਨ ਸਮੱਗਰੀ ਪਕਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਮੋਟਰ-ਰਿਕਸ਼ਾ ’ਤੇ ਵੀ ਪਾਬੰਦੀ ਲਗਾਈ ਗਈ ਹੈ। -ਏਪੀ
ਮੰਤਰੀਆਂ ਨੇ ਹਵਾ ਪ੍ਰਦੂਸ਼ਣ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ
ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਤਰੀਆਂ ਨੇ ਇੱਥੇ ਹਵਾ ਪ੍ਰਦੂਸ਼ਣ ਦਾ ਪੱਧਰ ਵਧਣ ਲਈ ਭਾਰਤ ਤੋਂ ਆਉਣ ਵਾਲੀਆਂ ਹਵਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਭਾਰਤੀ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਇੱਥੇ ਮੀਡੀਆ ਨੂੰ ਦੱਸਿਆ, ‘‘ਹਵਾ ਦੀ ਦਿਸ਼ਾ ਭਾਰਤ ਤੋਂ ਪਾਕਿਸਤਾਨ ਵਿੱਚ ਹਵਾਵਾਂ ਲੈ ਕੇ ਆਉਂਦੀ ਹੈ ਪਰ ਭਾਰਤ ਇਸ ਸਮੱਸਿਆ ਨੂੰ ਇੰਨੀ ਗੰਭੀਰਤਾ ਨਾਲ ਨਹੀਂ ਲੈ ਰਿਹਾ, ਜਿੰਨਾ ਲੈਣਾ ਚਾਹੀਦਾ ਹੈ।’’ ਉਨ੍ਹਾਂ ਚੜ੍ਹਦੇ ਪੰਜਾਬ ਦੀ ਸਰਕਾਰ ਨੂੰ ਇਹ ਮਾਮਲਾ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਭਾਰਤ ਨਾਲ ਜਲਵਾਯੂ ਕੂਟਨੀਤੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਚੜ੍ਹਦੇ ਪੰਜਾਬ ਦੇ ਮੁੱਖ ਮੰਤਰੀ ਨੂੰ ਧੂੰਏਂ ਦਾ ਮੁੱਦਾ ਸਾਂਝੇ ਤੌਰ ’ਤੇ ਹੱਲ ਕਰਨ ਲਈ ਪੱਤਰ ਲਿਖਣਗੇ। -ਪੀਟੀਆਈ