ਵਾਸ਼ਿੰਗਟਨ, 12 ਨਵੰਬਰ
ਬਾਇਡਨ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਆਈਟੀ ਪੇੇਸ਼ੇਵਰਾਂ ਦੀ ਹੈ, ਦੇ ਜੀਵਨ ਸਾਥੀਆਂ (ਪਤੀ ਜਾਂ ਪਤਨੀ) ਦੇ ਕੰਮ ਕਰਨ ਦੇ ਅਧਿਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਦੀ ਸਿਟੀਜ਼ਨਸ਼ਿਪ ਤੇ ਇਮੀਗ੍ਰੇਸ਼ਨ ਸੇਵਾਵਾਂ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ(ਜੀਵਨ ਸਾਥੀ ਤੇ 21 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ) ਐੱਚ-4 ਵੀਜ਼ਾ ਜਾਰੀ ਕੀਤਾ ਜਾਂਦਾ ਹੈ। ਇਹ ਵੀਜ਼ਾ ਆਮ ਕਰਕੇ ਉਨ੍ਹਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜਿਨ੍ਹਾਂ ਅਮਰੀਕਾ ਵਿੱਚ ਰੁਜ਼ਗਾਰ ਅਧਾਰਿਤ ਸਥਾਈ ਵਸਨੀਕ ਦਾ ਰੁਤਬਾ ਹਾਸਲ ਕਰਨ ਲਈ ਪਹਿਲਾਂ ਹੀ ਅਮਲ ਸ਼ੁਰੂ ਕੀਤਾ ਹੁੰਦਾ ਹੈ। ਐੱਚ-1ਬੀ ਗੈਰ-ਪਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਤਕਨੀਕੀ ਮਾਹਿਰਾਂ ਦੀ ਲੋੜ ਵਾਲੇ ਕੰਮਾਂ ਲਈ ਵਿਦੇਸ਼ੀ ਕਾਮਿਆਂ ਨੂੰ ਰੱਖਣ ਦੀ ਇਜਾਜ਼ਤ ਦਿੰਦਾ ਹੈ। -ਪੀਟੀਆਈ