ਇਸਲਾਮਾਬਾਦ, 26 ਜੁਲਾਈ
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਲਹਿੰਦੇ ਪੰਜਾਬ ਦੀ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ 10 ਵੋਟਾਂ ਰੱਦ ਕਰਨ ਦੇ ਫੈਸਲੇ ਨੂੰ ‘ਗ਼ੈਰਸੰਵਿਧਾਨਕ’ ਕਰਾਰ ਦਿੰਦਿਆਂ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਕਾਇਦ ਦੇ ਆਗੂ ਚੌਧਰੀ ਪਰਵੇਜ਼ ਇਲਾਹੀ ਸੂਬੇ ਦੇ ਮੁੱਖ ਮੰਤਰੀ ਹੋਣਗੇ। ਸਿਖਰਲੀ ਕੋਰਟ ਨੇ ਪੰਜਾਬ ਦੇ ਰਾਜਪਾਲ ਨੂੰ ਹਦਾਇਤ ਕੀਤੀ ਹੈ ਕਿ ਉਹ ਪਰਵੇਜ਼ ਇਲਾਹੀ ਨੂੰ ਮੰਗਲਵਾਰ ਰਾਤੀਂ ਸਾਢੇ ਗਿਆਰਾ ਵਜੇ ਤੋਂ ਪਹਿਲਾਂ ਮੁੱਖ ਮੰਤਰੀ ਵਜੋਂ ਹਲਫ਼ ਦਿਵਾਉਣ। ਸੁਪਰੀਮ ਕੋਰਟ ਦਾ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਲਈ ਵੱਡਾ ਝਟਕਾ ਹੈ। -ਏਜੰਸੀ